#INDIA

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਾਮਿਲ ਨਾਡੂ ਵਿੱਚ 34 ਮੌਤਾਂ

ਕੱਲਾਕੁਰਿਚੀ/ਚੇਨੱਈ, 21 ਜੂਨ (ਪੰਜਾਬ ਮੇਲ)- ਤਾਮਿਲ ਨਾਡੂ ਦੇ ਕੱਲਾਕੁਰਿਚੀ ਜ਼ਿਲ੍ਹੇ ਦੇ ਕਰੁਨਾਪੁਰਮ ਖੇਤਰ ਵਿੱਚ ਅੱਜ ਸ਼ਰਾਬ ਪੀਣ ਕਾਰਨ 34 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ 100 ਤੋਂ ਵੱਧ ਲੋਕ ਬਿਮਾਰ ਹਨ। ਉਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਕਿਹਾ, ‘‘ਕੱਲਾਕੁਰਿਚੀ ਵਿੱਚ ਇਹ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ ਅਤੇ ਇਸ ਨਾਲ ਮੈਨੂੰ ਡੂੰਘਾ ਦੁੱਖ ਪੁੱਜਾ ਹੈ।’’ ਉਨ੍ਹਾਂ ਕਿਹਾ, ‘ਮਿਥਾਨੌਲ ਵਾਲੀ ਦੇਸੀ ਸ਼ਰਾਬ ਪੀਣ ਕਾਰਨ 34 ਲੋਕਾਂ ਦੀ ਮੌਤ ਹੋ ਗਈ।’’ ਉਨ੍ਹਾਂ ਘਟਨਾ ਦੀ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਬਣਾਉਣ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮਾਮਲੇ ਸਬੰਧੀ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਟਾਲਿਨ ਨੇ ਅਧਿਕਾਰੀਆਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਲੋਕਾਂ ਦੀ ਵਿਸ਼ੇਸ਼ ਦੇਖਭਾਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਸਥਿਤੀ ਦੀ ਸਮੀਖਿਆ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮਾਮਲੇ ਦੀ ਜਾਂਚ ਲਈ ਮਦਰਾਸ ਹਾਈ ਕੋਰਟ ਦੇ ਸੇਵਾਮੁਕਤ ਜੱਜ ਬੀ ਗੋਕੁਲਦਾਸ ਦੀ ਅਗਵਾਈ ਵਿੱਚ ਇੱਕ ਮੈਂਬਰੀ ਕਮਿਸ਼ਨ ਬਣਾਉਣ ਦਾ ਵੀ ਨਿਰਦੇਸ਼ ਦਿੱਤਾ ਹੈ।

ਇਹ ਕਮਿਸ਼ਨ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਕਾਰਨਾਂ ਦੀ ਜਾਂਚ ਕਰੇਗਾ ਅਤੇ ਨਾਲ ਹੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਸਰਕਾਰ ਨੂੰ ਸਿਫ਼ਾਰਸ਼ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਹੇਠ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਲੋਕਾਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ। ਸਟਾਲਿਨ ਨੇ ਕਿਹਾ ਕਿ ਸੂਬੇ ਦੇ ਗ੍ਰਹਿ ਸਕੱਤਰ ਤੇ ਡੀਜੀਪੀ ਇਸ ਮਾਮਲੇ ਦੀ ਜਾਂਚ ਮਗਰੋਂ ਰਿਪੋਰਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਮਿਥਾਨੌਲ ਮੁਹੱਈਆ ਕਰਵਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਰੋਧੀ ਧਿਰ ਨੇ ਮੁੱਖ ਮੰਤਰੀ ਸਟਾਲਿਨ ਦਾ ਅਸਤੀਫ਼ਾ ਮੰਗਿਆ

ਤਾਮਿਲ ਨਾਡੂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਡਾਪੱਡੀ ਕੇ. ਪਲਾਨੀਸਵਾਮੀ ਨੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਘਟਨਾ ਵਿੱਚ ਤਿੰਨ ਬੱਚਿਆਂ ਨੇ ਆਪਣੇ ਮਾਤਾ-ਪਿਤਾ ਗੁਆ ਲਏ ਹਨ। ਇਸ ਦੌਰਾਨ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ‘ਅਸਤੀਫ਼ਾ ਦਿਓ ਸਟਾਲਿਨ’ ਟਰੈਂਡ ਕਰਨ ਲੱਗਿਆ। ਪਲਾਨੀਸਵਾਮੀ ਨੇ ਦੋਸ਼ ਲਾਇਆ ਕਿ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਦਾ ਸਥਾਨ ਪੁਲੀਸ ਥਾਣੇ ਤੇ ਅਦਾਲਤ ਦੇ ਕੋਲ ਸਥਿਤ ਹੈ। ਅੰਨਾਡੀਐੱਮਕੇ ਦੇ ਮੁਖੀ ਨੇ ਇਸ ਘਟਨਾ ਵਿੱਚ ਕੁੱਲ 36 ਮੌਤਾਂ ਹੋਣ ਦਾ ਦਾਅਵਾ ਕੀਤਾ ਹੈ। ਕੱਲਾਕੁਰਿਚੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਪਿੱਛੇ ਇੱਕ ‘ਵੱਡਾ ਗਰੋਹ’ ਸ਼ਾਮਲ ਹੈ, ਜਿਸ ਵਿੱਚ ਸੱਤਾਧਾਰੀ ਡੀਐੱਮਕੇ ਦੇ ਅਸਰ-ਰਸੂਖ਼ ਵਾਲੇ ਲੋਕ ਵੀ ਹਨ। ਪਲਾਨੀਸਵਾਮੀ ਨੇ ਮੰਗ ਕੀਤੀ ਕਿ ਮ੍ਰਿਤਕਾਂ ਨੂੰ ਦਿੱਤਾ ਜਾਣ ਵਾਲੀ ਸਹਾਇਤਾ ਰਾਸ਼ੀ ਦਸ ਲੱਖ ਤੋਂ ਵਧਾ ਕੇ 25 ਲੱਖ ਰੁਪਏ ਕੀਤੀ ਜਾਵੇ ਅਤੇ ਪ੍ਰਭਾਵਿਤ ਪਰਿਵਾਰਾਂ ਵਿੱਚ ਯੋਗ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਕੇ. ਅੰਨਾਮਲਾਈ ਨੇ ਜ਼ਹਿਰੀਲੀ ਸ਼ਰਾਬ ’ਤੇ ਰੋਕ ਲਾਉਣ ਵਿੱਚ ਨਾਕਾਮ ਰਹਿਣ ਕਾਰਨ ਡੀਐੱਮਕੇ ਸਰਕਾਰ ਖ਼ਿਲਾਫ਼ 22 ਜੂਨ ਨੂੰ ਪੂਰੇ ਸੂਬੇ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।