-ਤੁਰੰਤ ਬਾਅਦ ਹੋਣਗੀਆਂ 4 ਨਗਰ ਨਿਗਮ ਚੋਣਾਂ
ਚੰਡੀਗੜ੍ਹ, 13 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ 4 ਵਿਧਾਨ ਸਭਾ ਹਲਕਿਆਂ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਤੁਰੰਤ ਬਾਅਦ ਪੰਜਾਬ ਦੀਆਂ 4 ਨਗਰ ਨਿਗਮਾਂ ਦੀਆਂ ਚੋਣਾਂ ਦਾ ਰਸਤਾ ਲਗਭਗ ਸਾਫ਼ ਹੋ ਗਿਆ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਦੇ ਕਾਂਗਰਸੀ ਵਰਕਰਾਂ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਦਾ ਮੁੱਖ ਕਾਰਨ ਲੋਕ ਸਭਾ ਚੋਣਾਂ ‘ਚ ਕਾਂਗਰਸ ਦਾ ਪੰਜਾਬ ‘ਚ ਚੰਗਾ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ।
ਪੰਜਾਬ ‘ਚ ਆਪਣੀ ਕਮਜ਼ੋਰ ਹੋਈ ਪਕੜ ਨੂੰ ਮੁੜ ਮਜ਼ਬੂਤ ਕਰਨ ‘ਚ ਬੇਸ਼ੱਕ ਕਾਂਗਰਸ ਲੋਕ ਸਭਾ ਚੋਣਾਂ ‘ਚ ਸਫ਼ਲ ਰਹੀ ਪਰ ਆਉਣ ਵਾਲੇ ਕੁੱਝ ਹੀ ਸਮੇਂ ‘ਚ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਤੁਰੰਤ ਬਾਅਦ ਨਗਰ ਨਿਗਮ, 41 ਨਗਰ ਕੌਂਸਲਾਂ ਤੇ 13 ਹਜ਼ਾਰ 241 ਪੰਚਾਇਤੀ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਦੀਆਂ 23 ਜ਼ਿਲ੍ਹਾ ਪਰਿਸ਼ਦਾਂ ਤੇ 150 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵੀ ਪੰਜਾਬ ਦੀ ਸਿਆਸਤ ਨੂੰ ਗਰਮਾਉਣਗੀਆਂ। ਪੰਜਾਬ ‘ਚ ਸਭ ਤੋਂ ਵੱਧ ਲੋਕ ਸਭਾ ਸੀਟਾਂ ਹਾਸਲ ਕਰਨ ਤੋਂ ਬਾਅਦ ਕਾਂਗਰਸ ਆਪਣੇ ਕਮਜ਼ੋਰ ਹੋਏ ਆਧਾਰ ਨੂੰ ਸੂਬੇ ‘ਚ ਮੁੜ ਤੋਂ ਮਜ਼ਬੂਤ ਕਰਨ ‘ਚ ਸਫ਼ਲ ਰਹੀ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਪਾਰਟੀ ਆਗੂਆਂ ਨੇ ਆਉਣ ਵਾਲੀਆਂ ਨਿਗਮ, ਨਗਰ ਕੌਂਸਲ ਤੇ ਪੰਚਾਇਤੀ ਚੋਣਾਂ ਰਾਹੀਂ ਪਾਰਟੀ ਨੂੰ ਪਹਿਲਾਂ ਨਾਲੋਂ ਵੀ ਜ਼ਿਆਦਾ ਮਜ਼ਬੂਤ ਕਰਨ ਦੀ ਵਿਉਂਤਬੰਦੀ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਇਨ੍ਹਾਂ ਚੋਣਾਂ ਰਾਹੀਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਜੋੜ ਕੇ ਹੀ ਆਪਣੀ ਰਣਨੀਤੀ ਤੈਅ ਕਰੇਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਕਾਂਗਰਸ ਦਾ ਹਰ ਵਰਕਰ ਇਸ ਸਮੇਂ ਨਗਰ ਨਿਗਮ, ਨਗਰ ਕੌਂਸਲ ਤੇ ਪੰਚਾਇਤੀ ਚੋਣਾਂ ਦਾ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਲੋਕਾਂ ਨੇ ਕਾਂਗਰਸ ‘ਤੇ ਆਪਣਾ ਵਿਸ਼ਵਾਸ ਪ੍ਰਗਟਾ ਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦਾ ਭਵਿੱਖ ਕਿਸ ਪਾਰਟੀ ਦੇ ਹੱਥਾਂ ‘ਚ ਸੁਰੱਖਿਅਤ ਹੋਵੇਗਾ।