#PUNJAB

ਜੀ-20: ਅਜਨਾਲਾ ਥਾਣੇ ਵਿਚ ਵਾਪਰੀ ਹਿੰਸਕ ਘਟਨਾ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਹੋਣ ਵਾਲੀ ਬੈਠਕ ਕਿਸੇ ਹੋਰ ਸੂਬੇ ਜਾਂ ਸ਼ਹਿਰ ’ਚ ਤਬਦੀਲ ਕਰਨ ਦੀ ਸੰਭਾਵਨਾ

ਅੰਮ੍ਰਿਤਸਰ, 5 ਮਾਰਚ (ਪੰਜਾਬ ਮੇਲ)- ਜੀ-20 ਸੰਮੇਲਨ ਦੀ ਅੰਮ੍ਰਿਤਸਰ ਵਿਚ ਹੋਣ ਵਾਲੀ ਮੀਟਿੰਗ ਨੂੰ ਇੱਥੋਂ ਕਿਸੇ ਹੋਰ ਸੂਬੇ ਜਾਂ ਸ਼ਹਿਰ ਵਿੱਚ ਤਬਦੀਲ ਕੀਤੇ ਜਾਣ ਦੀ ਸੰਭਾਵਨਾ ਹੈ। ਅਜਨਾਲਾ ਥਾਣੇ ਵਿਚ 23 ਫਰਵਰੀ ਨੂੰ ਵਾਪਰੀ ਹਿੰਸਕ ਘਟਨਾ ਦੇ ਮੱਦੇਨਜ਼ਰ ਅਤੇ ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਫੈਸਲਾ ਕੀਤਾ ਜਾ ਰਿਹਾ ਹੈ। ਮਿਲੇ ਵੇਰਵਿਆਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਇਸ ਸਬੰਧ ਵਿੱਚ ਭਲਕੇ ਦਿੱਲੀ ਵਿੱਚ ਗ੍ਰਹਿ ਮੰਤਰਾਲੇ ਦੀ ਇੱਕ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਇਹ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ ਕਿ ਇਹ ਸੰਮੇਲਨ ਹੁਣ ਕਿਸ ਸੂਬੇ ਜਾਂ ਸ਼ਹਿਰ ਵਿਚ ਹੋਵੇਗਾ। ਇਸ ਦੀ ਪੁਸ਼ਟੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਕੀਤੇ ਗਏ ਟਵੀਟ ਤੋਂ ਵੀ ਹੁੰਦੀ ਹੈ। ਉਨ੍ਹਾਂ ਇਸ ਸਬੰਧ ਵਿੱਚ ਇੱਕ ਟਵੀਟ ਕਰਕੇ ਆਖਿਆ ਕਿ ਪੰਜਾਬ ਸੂਬਾ ਪੂਰੀ ਤਰ੍ਹਾਂ ਸ਼ਾਂਤ ਹੈ ਅਤੇ ਇਹ ਜੀ 20 ਸੰਮੇਲਨ ਦੀ ਮੀਟਿੰਗ ਕਰਾਉਣ ਦੇ ਯੋਗ ਹੈ। ਇਸ ਨੂੰ ਅਸ਼ਾਂਤ ਦੱਸ ਕੇ ਮੁੜ ਕਾਲੇ ਦਿਨਾਂ ਵਲ ਧੱਕਣ ਦਾ ਯਤਨ ਨਾ ਕੀਤਾ ਜਾਵੇ। ਇਸ ਦੌਰਾਨ ਪ੍ਰਸ਼ਾਸਨਿਕ ਪੱਧਰ ’ਤੇ ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਇਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਵੀ ਕੀਤੀ ਸੀ। ਇਸ ਤੋਂ ਬਾਅਦ ਸੂਬੇ ਵਿੱਚ ਨੀਮ ਫੌਜੀ ਬਲ ਤਾਇਨਾਤ ਕਰਨ ਦਾ ਫੈਸਲਾ ਹੋਇਆ ਸੀ।

Leave a comment