ਅੰਮ੍ਰਿਤਸਰ, 27 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਬਾਦਲ 4 ਵਾਰ ਹਾਰ ਤੋਂ ਬਾਅਦ ਹਾਸ਼ੀਏ ’ਤੇ ਆ ਗਿਆ ਹੈ, ਜਿਸ ਨੂੰ ਮੁੜ ਸੁਰਜੀਤ ਕਰਨ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੰਜੀਵਨੀ ਬੂਟੀ ਦਾ ਕੰਮ ਕਰਨ ਲਈ ਹਮਲਾ ਮਾਰਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਕੁਝ ਸਮਾਂ ਪਹਿਲਾਂ ਅਸਤੀਫ਼ਾ ਦੇ ਕੇ ਵੱਖ ਹੋਏ ਐੱਸ. ਜੀ. ਪੀ. ਸੀ. ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਸਮੇਂ ਦੋਫਾੜ ਨਹੀਂ ਹੋਇਆ ਸਗੋਂ (ਖਾਲੀ ਦਲ) ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 2017 ਤੋਂ ਬਾਅਦ ਜਦੋਂ ਅਕਾਲੀ ਦਲ ਨੂੰ ਹਾਰ ਮਿਲਣੀ ਸ਼ੁਰੂ ਹੋਈ ਸੀ, ਉਸ ਸਮੇਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਪਰ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਵਿੱਚ ਆਪਣੇ ਵਰਕਰਾਂ ਤੇ ਨੇਤਾਵਾਂ ਤੋਂ ਇਲਾਵਾ ਆਪਣੇ ਪੀ.ਏ. ਦੀ ਗੱਲ ਤੱਕ ਨਹੀਂ ਸੁਣਦਾ, ਜਿਸ ਕਰ ਕੇ ਅਕਾਲੀ ਦਲ ਢਹਿੰਦੀ ਕਲਾ ਵਿਚ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ ਪੰਥਕ ਟਕਸਾਲੀ ਆਗੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੱਥਾ ਟੇਕਣਗੇ ਅਤੇ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਅੰਮ੍ਰਿਤਸਰ ਵਿਚ ਹੀ ਅਕਾਲੀ ਦਲ ਦਾ ਹੈੱਡ ਆਫਿਸ ਵੀ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ 100 ਸਾਲ ਤੋਂ ਵੀ ਵੱਧ ਪੁਰਾਣੀ ਅਤੇ ਸਿਧਾਂਤਾਂ ’ਤੇ ਤੁਰਨ ਵਾਲੀ ਪਾਰਟੀ ਹੈ, ਜਿਸ ਨੂੰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਤੋਂ ਖਾਲੀ ਦਲ ਕਰ ਦਿੱਤਾ ਹੈ।