ਪਟਿਆਲਾ, 4 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਏ.ਡੀ.ਜੀ.ਪੀ. ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਅੱਜ ਇੱਥੇ ਜੇਲ੍ਹ ਪੁੱਜੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਨਾ ਦਿੱਤਾ। ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਸ਼੍ਰੀ ਮਜੀਠੀਆ ਨੇ ਆਖਿਆ ਕਿ ਜੇ ਭਾਈ ਰਾਜੋਆਣਾ ਨੇ ਭਲਕੇ 5 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਤੇ ਉਨ੍ਹਾਂ ਦੀ ਹਾਲਤ ਵਿਗੜਦੀ ਹੈ, ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਦੀ ਤਾਂ ਇਸ ਸਰਕਾਰ ਦੌਰਾਨ ਜੇਲ੍ਹ ਵਿੱਚੋਂ ਇੰਟਰਵਿਊ ਹੁੰਦੀ ਹੈ ਪਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੀ ਆਗਿਆ ਵੀ ਨਹੀਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸਾਲ 2012 ਵਿਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਤਾਰੀਖ ਮਿੱਥੀ ਗਈ ਸੀ, ਤਾਂ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਦੇ ਆਧਾਰ ‘ਤੇ ਹੀ ਰਾਸ਼ਟਰਪਤੀ ਵੱਲੋਂ ਰੋਕ ਲਾਈ ਗਈ ਸੀ ਪਰ ਇਹ ਪਟੀਸ਼ਨ 12 ਸਾਲਾਂ ਤੋਂ ਲਟਕੀ ਹੋਣ ਤੋਂ ਖ਼ਫਾ ਰਾਜੋਆਣਾ ਨੇ ਪਿਛਲੇ ਦਿਨੀਂ ਅਕਾਲ ਤਖ਼ਤ ਨੂੰ ਬੇਨਤੀ ਕੀਤੀ ਸੀ ਕਿ ਉਹ ਹੁਕਮ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਉਸ ਦੀ ਇਹ ਪਟੀਸ਼ਨ ਵਾਪਸ ਕਰਵਾਉਣ। ਅਜਿਹਾ ਨਾ ਹੋਣ ਦੀ ਸੂਰਤ ਵਿਚ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ ਪਰ ਰਾਜੋਆਣਾ ਪੰਜ ਦਸੰਬਰ ਤੋਂ ਭੁੱਖ ਹੜਤਾਲਾਂ ਰੱਖਣ ਲਈ ਬਜਿੱਦ ਹੈ। ਅੱਜ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਉਸ ਨੂੰ ਮਿਲਣ ਲਈ ਪੁੱਜੇ, ਤਾਂ ਜੋ ਭੁੱਖ ਹੜਤਾਲ ਰੋਕੀ ਜਾ ਸਕੇ।