#INDIA

ਜੰਮੂ-ਕਸ਼ਮੀਰ ‘ਚ ਐੱਨ.ਸੀ.-ਕਾਂਗਰਸ ਦੀ ਬਣੀ ਸਰਕਾਰ

ਉਮਰ ਅਬਦੁੱਲਾ ਬਣਨਗੇ ਮੁੱਖ ਮੰਤਰੀ: ਫਾਰੂਕ ਅਬਦੁੱਲਾ
ਜੰਮੂ, 8 ਅਕਤੂਬਰ (ਪੰਜਾਬ ਮੇਲ)- ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਇੰਡੀਆ ਗੱਠਜੋੜ ਨੇ ਜਿੱਤ ਹਾਸਲ ਕੀਤੀ ਹੈ। ਇਸ ਗੱਠਜੋੜ ਵਿਚ ਸ਼ਾਮਲ ਨੈਸ਼ਨਲ ਕਾਨਫਰੰਸ (ਐੱਨ.ਸੀ.) ਨੂੰ ਸਭ ਤੋਂ ਵੱਧ 42 ਸੀਟਾਂ ਮਿਲੀਆਂ ਹਨ, ਜਦਕਿ ਕਾਂਗਰਸ ਨੂੰ ਛੇ ਤੇ ਸੀ.ਪੀ.ਆਈ. ਐੱਮ ਨੂੰ ਇਕ ਸੀਟ ਮਿਲੀ ਹੈ। ਦੱਸਣਾ ਬਣਦਾ ਹੈ ਕਿ ਸਰਕਾਰ ਬਣਾਉਣ ਲਈ 46 ਸੀਟਾਂ ਦੀ ਜ਼ਰੂਰਤ ਹੈ। ਦੂਜੇ ਪਾਸੇ ਭਾਜਪਾ ਨੇ 29 ਸੀਟਾਂ ਜਿੱਤੀਆਂ ਹਨ। ਪਾਰਟੀ ਨੂੰ ਪਿਛਲੀਆਂ ਚੋਣਾਂ ਦੇ ਮੁਕਾਬਲੇ ਚਾਰ ਸੀਟਾਂ ਦਾ ਫਾਇਦਾ ਹੋਇਆ ਹੈ। ਜੰਮੂ ਕਸ਼ਮੀਰ ਭਾਜਪਾ ਦੇ ਪ੍ਰਧਾਨ ਨੇ ਹਾਰ ਸਵੀਕਾਰ ਕਰਦਿਆਂ ਪਾਰਟੀ ਹਾਈ ਕਮਾਂਡ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਪਾਰਟੀ ਪੀ.ਡੀ.ਪੀ. ਨੇ ਤਿੰਨ ਸੀਟਾਂ ਜਿੱਤੀਆਂ ਹਨ। ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ 28 ਸੀਟਾਂ ਮਿਲੀਆਂ ਸਨ। ਜੰਮੂ ਕਸ਼ਮੀਰ ਵਿਚ ਆਮ ਆਦਮੀ ਪਾਰਟੀ ਨੇ ਇਕ ਸੀਟ ਜਿੱਤ ਕੇ ਪਹਿਲੀ ਵਾਰ ਜਿੱਤ ਦਰਜ ਕਰਵਾਈ ਹੈ। ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਉਮਰ ਅਬਦੁੱਲਾ ਹੋਣਗੇ। ਉਮਰ ਨੇ ਦੋ ਸੀਟਾਂ ਬਡਗਾਮ ਤੇ ਗੰਦਰਬਲ ਵਿਚ ਜਿੱਤ ਹਾਸਲ ਕੀਤੀ ਹੈ।