-ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਗਾਂਡੇ ਸੀਟ ਜਿੱਤੀ
-ਹੇਮੰਤ ਸੋਰੇਨ ਵੱਲੋਂ ਲੋਕਾਂ ਦਾ ਧੰਨਵਾਦ
ਰਾਂਚੀ, 23 ਨਵੰਬਰ (ਪੰਜਾਬ ਮੇਲ)- ਝਾਰਖੰਡ ‘ਚ ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਦੀ ਅਗਵਾਈ ਵਾਲੇ ਇੰਡੀਆ ਗੱਠਜੋੜ ਨੇ ਮੁੜ ਵਿਧਾਨ ਸਭਾ ਵਿਚ ਬਹੁਮਤ ਹਾਸਲ ਕਰ ਲਿਆ ਹੈ। ਸੂਬੇ ਦੀਆਂ 81 ਵਿਧਾਨ ਸਭਾ ਸੀਟਾਂ ਵਿਚੋਂ ਇਸ ਗੱਠਜੋੜ ਨੇ 52 ਸੀਟਾਂ ‘ਤੇ ਜਿੱਤ ਹਾਸਲ ਕੀਤੀ ਅਤੇ ਚਾਰ ਹੋਰਾਂ ਵਿਚ ਅੱਗੇ ਚੱਲ ਰਿਹਾ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਗਾਂਡੇ ਸੀਟ 17,142 ਵੋਟਾਂ ਨਾਲ ਜਿੱਤੀ ਹੈ, ਉਨ੍ਹਾਂ ਭਾਜਪਾ ਦੀ ਮੁਨੀਆ ਦੇਵੀ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਸੂਬੇ ਦੀਆਂ ਸਾਰੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ਨਿੱਚਰਵਾਰ ਸਵੇਰੇ 8 ਵਜੇ ਸ਼ੁਰੂ ਹੋਈ। ਇੱਥੇ ਚੋਣਾਂ ਦੋ ਪੜਾਵਾਂ ਵਿਚ ਹੋਈਆਂ ਸਨ।
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਵਿਧਾਨ ਸਭਾ ਚੋਣਾਂ ਵਿਚ ‘ਇੰਡੀਆ’ ਗੱਠਜੋੜ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸੂਬਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੱਠਜੋੜ ਨੇ ਲੋਕਤੰਤਰ ਦੀ ਪ੍ਰੀਖਿਆ ਪਾਸ ਕਰ ਲਈ ਹੈ ਤੇ ਉਹ ਚੋਣ ਨਤੀਜਿਆਂ ਤੋਂ ਬਾਅਦ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣਗੇ। ਇਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਨੇ ਕਿਹਾ ਕਿ ਹੇਮੰਤ ਸੋਰੇਨ ਝਾਰਖੰਡ ਦੇ ਮੁੱਖ ਮੰਤਰੀ ਹਨ ਅਤੇ ਉਹ ਹੀ ਮੁੱਖ ਮੰਤਰੀ ਰਹਿਣਗੇ।