ਟਿਕਰੀ ਬਾਰਡਰ ਖਾਲੀ ਕਰਨ ਲਈ ਨੋਟਿਸ ਦਿੱਲੀ ਪੁਲਿਸ ਨੇ ਲਾਏ ਨੋਟਿਸ!

113
Share

ਕਿਸਾਨਾਂ ਵੱਲੋਂ ਵਿਰੋਧ
ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਦਿੱਲੀ ਦੇ ਗਾਜ਼ੀਪੁਰ, ਟਿਕਰੀ ਅਤੇ ਸਿੰਘੂ ਬਾਰਡਰ ’ਤੇ ਧਰਨਾ ’ਤੇ ਬੈਠੇ ਹਨ। ਕਿਸਾਨਾਂ ਵਲੋਂ ਇਹ ਹੀ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ’ਤੇ ਗਾਰੰਟੀ ਕਾਨੂੰਨ ਬਣਾਇਆ ਜਾਵੇ। ਇਕ ਪਾਸੇ ਜਿੱਥੇ ਖੇਤੀਬਾੜੀ ਮੰਤਰੀ ਨਰਿੰਦਰ ਮੋਦੀ ਦਾ ਬਿਆਨ ਸਾਹਮਣੇ ਆਇਆ ਸੀ ਕਿ ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋ ਜਾਣਗੇ। ਉੱਥੇ ਹੀ ਦੂਜੇ ਪਾਸੇ ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਨੋਟਿਸ ਲਾਏ ਗਏ ਹਨ। ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਟਿਕਰੀ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਹਨ। ਉਨ੍ਹਾਂ ਨੇ ਦਿੱਲੀ ਪੁਲਿਸ ਵਲੋਂ ਲਾਏ ਗਏ ਅਜਿਹੇ ਨੋਟਿਸਾਂ ਦੀ ਨਿਖੇਧੀ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਪੁਲਿਸ ਵਲੋਂ ਇਹ ਪੋਸਟਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪੋਸਟਰ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਾਲੀ ਥਾਂ ਤੋਂ ਲੰਘਦੀ ਮੈਟਰੋ ਲਾਈਨ ਦੇ ਖੰਭਿਆਂ ਅਤੇ ਹੋਰ ਥਾਵਾਂ ’ਤੇ ਲਾਏ ਹਨ, ਇਹ ਪੋਸਟਰ ਹਿੰਦੀ ਅਤੇ ਪੰਜਾਬੀ ਦੋਹਾਂ ਭਾਸ਼ਾਵਾਂ ਵਿਚ ਹਨ। ਜਗਮੋਹਨ ਨੇ ਆਖਿਆ ਕਿ ਪੁਲਿਸ ਵਲੋਂ ਲਾਏ ਗਏ ਪੋਸਟਰਾਂ ਦੀ ਉਨ੍ਹਾਂ ਲਈ ਕੋਈ ਅਹਿਮੀਅਤ ਨਹੀਂ ਹੈ। ਕਿਸਾਨ ਆਪਣੀਆਂ ਮੰਗਾਂ ਲਈ ਸ਼ਾਂਤੀਮਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਡਟੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਚਿਤਾਵਨੀ ਰਾਹੀਂ ਅੰਦੋਲਨਕਾਰੀਆਂ ਅਤੇ ਅੰਦੋਲਨ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਕਿਸਾਨਾਂ ਨੂੰ ਇਸ ਚਿਤਾਵਨੀ ਤੋਂ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ।

Share