ਨਿਊਯਾਰਕ, 27 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰੋਗਰਾਮ ਅਦਾਲਤ ਵੱਲੋਂ ਰੋਕ ਦਿੱਤਾ ਗਿਆ ਹੈ। ਇਸ ਨਵੰਬਰ ਵਿਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਗੈਰ-ਕਾਨੂੰਨੀ ਪਰਵਾਸ ਇੱਕ ਅਹਿਮ ਮੁੱਦਾ ਹੈ, ਜਿਸ ਵਿਚ ਰਾਸ਼ਟਰਪਤੀ ਬਾਇਡਨ ਨੇ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਸੀ, ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਗੈਰ-ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਕਾਨੂੰਨੀ ਨਾਗਰਿਕਤਾ ਪ੍ਰਦਾਨ ਕਰੇਗਾ, ਪਰ ਇਸ ਪ੍ਰੋਗਰਾਮ ਨੂੰ ਫਿਲਹਾਲ ਟੈਕਸਾਸ ਵਿਚ ਇੱਕ ਜੱਜ ਨੇ ਰੋਕ ਦਿੱਤਾ ਹੈ। ਬਾਇਡਨ ਪ੍ਰਸ਼ਾਸਨ ਦੇ ਪ੍ਰੋਗਰਾਮ ਦਾ ਰਿਪਬਲਿਕਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ। ਟੈਕਸਾਸ ਵਿਚ ਇੱਕ ਸੰਘੀ ਜੱਜ ਨੇ ਬਾਇਡਨ ਪ੍ਰਸ਼ਾਸਨ ਦੇ ਪ੍ਰੋਗਰਾਮ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ, ਜਿਸ ਵਿਚ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਪੰਜ ਲੱਖ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਲਈ ਨਾਗਰਿਕਤਾ ਦਾ ਰਸਤਾ ਪ੍ਰਦਾਨ ਕਰਦਾ ਸੀ।