ਡਾ. ਇੰਦਰਬੀਰ ਸਿੰਘ ਨਿੱਜਰ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

110
Share

ਅੰਮਿ੍ਰਤਸਰ, 16 ਮਾਰਚ (ਪੰਜਾਬ ਮੇਲ)- ਪਿਛਲੇ ਦਿਨੀਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਜੀ ਆਪਣੇ ਸੁਆਸਾਂ ਦੀ ਪੂੰਜੀ ਭੋਗਦਿਆਂ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚਲਾਉਣ ਹਿੱਤ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਰਬਸੰਮਤੀ ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ। ਆਪਣਾ ਕਾਰਜਭਾਰ ਸੰਭਾਲਣ ਤੋਂ ਪਹਿਲਾਂ ਡਾ. ਇੰਦਰਬੀਰ ਸਿੰਘ ਨਿੱਜਰ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਸਾਥੀਆਂ ਨਾਲ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਚੀਫ਼ ਖ਼ਾਲਸਾ ਦੀਵਾਨ ਦੀ ਚੜ੍ਹਦੀ ਕਲਾ ਲਈ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਹਿੱਤ ਅਕਾਲ ਪੁਰਖ ਅੱਗੇ ਬੱਲ ਅਤੇ ਬੁੱਧੀ ਬਖਸ਼ਣ ਦੀ ਅਰਦਾਸ ਕੀਤੀ।
ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸ. ਅਜੀਤ ਸਿੰਘ ਬਸਰਾ ਅਤੇ ਸਰਪ੍ਰਸਤ ਸ. ਰਾਜਮੋਹਿੰਦਰ ਸਿੰਘ ਮਜੀਠਾ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਸ. ਸਰਬਜੀਤ ਸਿੰਘ ਛੀਨਾ, ਮੈਂਬਰ ਇੰਚਾਰਜ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਸ. ਸੁਖਜਿੰਦਰ ਸਿੰਘ ਪਿ੍ਰੰਸ ਦੀ ਹਾਜ਼ਰੀ ਵਿਚ ਚੀਫ਼ ਖ਼ਾਲਸਾ ਦੀਵਾਨ ਮੈਂਬਰਾਂ ਨੇ ‘‘ਬੋਲੇ ਸੋ ਨਿਹਾਲ’’ ਦੀ ਗੂੰਜ ਵਿਚ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਅਤੇ ਫੁੱਲ ਮਾਲਾ ਪਾ ਕੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਦੀ ਸੇਵਾ ਸੌਂਪੀ। ਇਸ ਮੌਕੇ ਨਵੇਂ ਥਾਪੇ ਗਏ ਕਾਰਜਕਾਰੀ ਪ੍ਰਧਾਨ ਨੇ ਸਵਰਗ ਸਿਧਾਰ ਚੁੱਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ, ਚੇਅਰਮੈਨ ਸੀ.ਕੇ.ਡੀ. ਸਕੂਲਜ਼ ਸ. ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਸਥਾਨਕ ਪ੍ਰਧਾਨ ਸ. ਹਰਮਿੰਦਰ ਸਿੰਘ ਫਰੀਡਮ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਦੇ ਵਿਕਾਸ ਲਈ ਆਪਣੀ ਟੀਮ ਦੇ ਸਹਿਯੋਗ ਨਾਲ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ।

Share