ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ 22 ਸਾਲਾ ਨੌਜਵਾਨ ਦਾ ਮਿ੍ਰਤਕ ਸਰੀਰ ਦੁਬਈ ਤੋਂ ਵਤਨ ਪੁੱਜਾ

123
ਹਵਾਈ ਅੱਡੇ ’ਤੇ ਜਗਦੀਪ ਸਿੰਘ ਦਾ ਮਿ੍ਰਤਕ ਸਰੀਰ ਪਰਿਵਾਰ ਨੂੰ ਸੌਂਪਣ ਮੌਕੇ ਟਰੱਸਟ ਦੇ ਅਹੁਦੇਦਾਰ ਸੁਖਜਿੰਦਰ ਹੇਰ, ਮਨਪ੍ਰੀਤ ਸੰਧੂ, ਨਵਜੀਤ ਘਈ ਤੇ ਹੋਰ।
Share

– ਟਰੱਸਟ ਹੁਣ ਤੱਕ 227 ਬਦਨਸੀਬਾਂ ਦੇ ਮਿ੍ਰਤਕ ਸਰੀਰ ਪਹੁੰਚਾ ਚੁੱਕਾ ਹੈ ਵਾਰਸਾਂ ਤੱਕ
– ਮਾਪੇ ਪੂਰੀ ਤਰ੍ਹਾਂ ਘੋਖ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਭੇਜਣ ਵਿਦੇਸ਼ : ਡਾ.ਓਬਰਾਏ
ਅੰਮਿ੍ਰਤਸਰ, 21 ਅਪ੍ਰੈਲ (ਪੰਜਾਬ ਮੇਲ)- ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ’ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ’ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ’ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਰਮਕੋਟ ਨਾਲ ਸਬੰਧਤ 22 ਸਾਲਾ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਦਾ ਮਿ੍ਰਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮਿ੍ਰਤਸਰ ਵਿਖੇ ਪੁੱਜਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਜਗਦੀਪ ਸਿੰਘ ਬੀਤੀ 9 ਮਾਰਚ ਨੂੰ ਹੀ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ’ਚ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਪਹੁੰਚਿਆ ਸੀ ਕਿ 5 ਦਿਨਾਂ ਬਾਅਦ 14 ਮਾਰਚ ਨੂੰ ਹੀ ਉਸ ਨੇ ਕਿਸੇ ਪ੍ਰੇਸ਼ਾਨੀ

ਮਿ੍ਰਤਕ ਦੀ ਫਾਈਲ ਫੋਟੋ।

ਦੇ ਚੱਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਦੱਸਿਆ ਕਿ ਮਿ੍ਰਤਕ ਦੇ ਪਰਿਵਾਰ ਨੇ ਕਿਸੇ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਨੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਤੁਰੰਤ ਲੋੜੀਂਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਜਗਦੀਪ ਸਿੰਘ ਦਾ ਮਿ੍ਰਤਕ ਸਰੀਰ ਲਿਆ ਕੇ ਟਰੱਸਟ ਦੀ ਅੰਮਿ੍ਰਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਦੀ ਮੌਜੂਦਗੀ ’ਚ ਹਵਾਈ ਅੱਡੇ ਤੋਂ ਪ੍ਰਾਪਤ ਕਰ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਿ੍ਰਤਕ ਦੇਹ ਨੂੰ ਭਾਰਤ ਭੇਜਣ ਦਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।

ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 227 ਬਦਨਸੀਬ ਲੋਕਾਂ ਦੇ ਮਿ੍ਰਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਅੰਦਰ ਭੇਜਣ।
ਹਵਾਈ ਅੱਡੇ ’ਤੇ ਮਿ੍ਰਤਕ ਸਰੀਰ ਲੈਣ ਪਹੁੰਚੇ ਜਗਦੀਪ ਸਿੰਘ ਦੇ ਭਰਾ ਬਿਕਰਮਜੀਤ ਸਿੰਘ ਅਤੇ ਮਾਸੜ ਗੁਰਚਰਨ ਸਿੰਘ ਨੇ ਜਗਦੀਪ ਦੀ ਮਿ੍ਰਤਕ ਦੇਹ ਲੈ ਕੇ ਆਉਣ ਤੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਜਗਦੀਪ ਦੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਉਸ ਦੇ ਪਿਤਾ ਦੀ ਸਿਹਤ ਠੀਕ ਨਾ ਹੋਣ ਕਾਰਨ ਮਿ੍ਰਤਕ ਸਰੀਰ ਭਾਰਤ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ. ਓਬਰਾਏ ਦੀ ਬਦੌਲਤ ਹੀ ਜਗਦੀਪ ਦੇ ਪਰਿਵਾਰ ਅਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਕਰਨੇ ਨਸੀਬ ਹੋਏ ਹਨ।
ਜ਼ਿਕਰਯੋਗ ਹੈ ਕਿ ਇਸ ਮਿ੍ਰਤਕ ਦੇਹ ਨੂੰ ਭਾਰਤ ਭੇਜਣ ਲਈ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ।

Share