ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਰਣਜੀਤ ਸਿੰਘ ਦਾ ਮਿ੍ਰਤਕ ਸਰੀਰ ਦੁਬਈ ਤੋਂ ਵਤਨ ਪੁੱਜਾ

133
ਸਸਕਾਰ ਮੌਕੇ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਅਤੇ ਮਹੀਨਾਵਾਰ ਵਿੱਤੀ ਮਦਦ ਦਾ ਚੈੱਕ ਦੇਣ ਮੌਕੇ ਟਰੱਸਟ ਦੇ ਅਹੁਦੇਦਾਰ।
Share

-18 ਜਨਵਰੀ ਨੂੰ ਆਉਣਾ ਸੀ ਵਾਪਸ ਪੰਜਾਬ, 17 ਨੂੰ ਹੋ ਗਈ ਸੀ ਮੌਤ
-ਕੰਪਨੀ ਵੱਲੋਂ ਕੰਮ ਤੋਂ ਜੁਆਬ ਦੇਣ ਕਾਰਨ ਸੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ
– ਸਰਬੱਤ ਦਾ ਭਲਾ ਟਰੱਸਟ ਪੀੜਤ ਪਰਿਵਾਰ ਨੂੰ ਬੱਚਿਆਂ ਦੇ ਪਾਲਣ-ਪੋਸ਼ਣ ਲਈ ਦੇਵੇਗਾ ਮਹੀਨਾਵਾਰ ਪੈਨਸ਼ਨ
ਅਜਨਾਲਾ/ਅੰਮਿ੍ਰਤਸਰ, 31 ਜਨਵਰੀ (ਪੰਜਾਬ ਮੇਲ)- ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ’ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ’ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ’ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮਿ੍ਰਤਸਰ ਜ਼ਿਲ੍ਹੇ ਦੀ ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਦਾ ਮਿ੍ਰਤਕ ਸਰੀਰ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਪਹੁੰਚਣ ਉਪਰੰਤ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ।
ਮ੍ਰਿਤਕ ਦੀ ਫਾਈਲ ਫੋਟੋ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ’ਚ ਕੁਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਦੁਬਈ ਦੀ ਇਕ ਕੰਪਨੀ ’ਚ ਬਤੌਰ ਡਰਾਈਵਰ ਕੰਮ ਕਰਦਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ’ਚ ਉਸ ਦੀ ਕੰਪਨੀ ਨੇ ਉਸ ਨੂੰ ਕੰਮ ਤੋਂ ਜੁਆਬ ਦੇ ਦਿੱਤਾ ਸੀ। ਜਿਸ ਕਾਰਨ ਉਸ ਨੇ ਵਾਪਸ ਪੰਜਾਬ ਆਪਣੇ ਘਰ ਆਉਣ ਲਈ ਬੀਤੀ 18 ਜਨਵਰੀ ਦੀ ਟਿਕਟ ਵੀ ਖਰੀਦ ਲਈ ਸੀ ਪਰ ਕੰਮ ਖੁੱਸਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਰਣਜੀਤ ਸਿੰਘ 16 ਜਨਵਰੀ ਨੂੰ ਅਚਾਨਕ ਚੱਕਰ ਖਾ ਕੇ ਜ਼ਮੀਨ ’ਤੇ ਡਿੱਗ ਪਿਆ, ਜਿਸ ਦੀ 17 ਜਨਵਰੀ ਨੂੰ ਹਸਪਤਾਲ ’ਚ ਦਿਮਾਗ ਦੀ ਨਾੜੀ ਫੱਟਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨਾਲ ਰਣਜੀਤ ਦੇ ਸਬੰਧੀਆਂ ਨੇ ਸੰਪਰਕ ਕਰ ਕੇ ਪੀੜਤ ਪਰਿਵਾਰ ਦੀ ਪਤਲੀ ਆਰਥਿਕ ਹਾਲਤ ਦਾ ਹਵਾਲਾ ਦਿੰਦਿਆਂ ਮਿ੍ਰਤਕ ਦੇਹ ਭਾਰਤ ਪਹੁੰਚਾਉਣ ’ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ’ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਰਣਜੀਤ ਸਿੰਘ ਦੇ ਮਿ੍ਰਤਕ ਸਰੀਰ ਨੂੰ ਦੁਬਈ ਤੋਂ ਭਾਰਤ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਭੇਜਿਆ ਗਿਆ। ਇਸ ਸਮੁੱਚੀ ਕਾਰਵਾਈ ਦੌਰਾਨ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਵੀ ਵਿਸ਼ੇਸ਼ ਭੂਮਿਕਾ ਰਹੀ ਹੈ।

ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਸੀਨੀਅਰ ਅਹੁਦੇਦਾਰ ਡਾ. ਸਤਨਾਮ ਸਿੰਘ ਨਿੱਝਰ, ਮਨਪ੍ਰੀਤ ਸਿੰਘ ਸੰਧੂ ਚਮਿਆਰੀ, ਨਵਜੀਤ ਸਿੰਘ ਘਈ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਵੇਖਦਿਆਂ ਟਰੱਸਟ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਮਿ੍ਰਤਕ ਦੀ ਪਤਨੀ ਨੂੰ 2500 ਰੁਪਏ, ਜਦਕਿ ਉਸ ਦੀ ਬਜ਼ੁਰਗ ਮਾਤਾ ਨੂੰ 1000 ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦਾ ਫੈਸਲਾ ਲਿਆ ਹੈ। ਜਿਸ ਦਾ ਪਹਿਲਾ ਚੈੱਕ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 289 ਬਦਨਸੀਬ ਲੋਕਾਂ ਦੇ ਮਿ੍ਰਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਮਿ੍ਰਤਕ ਰਣਜੀਤ ਸਿੰਘ ਦੀ ਬਜ਼ੁਰਗ ਵਿਧਵਾ ਮਾਂ ਨਰਿੰਦਰ ਕੌਰ, ਪਤਨੀ ਮਨਪ੍ਰੀਤ ਕੌਰ, ਤਾਇਆ ਸੂਬਾ ਸਿੰਘ, ਚਾਚਾ ਗੁਰਮੀਤ ਸਿੰਘ, ਭਰਾ ਬਿਕਰਮਜੀਤ ਸਿੰਘ, ਜਸਬੀਰ ਸਿੰਘ, ਰਾਜਬੀਰ ਸਿੰਘ ਹੈਪੀ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਅਤੇ ਹੋਰਨਾਂ ਇਲਾਕਾ ਨਿਵਾਸੀਆਂ ਨੇ ਉਸਦੀ ਮਿ੍ਰਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ ’ਤੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਡਾ. ਓਬਰਾਏ ਦੀ ਬਦੌਲਤ ਹੀ ਉਨ੍ਹਾਂ ਨੂੰ ਰਣਜੀਤ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾ. ਓਬਰਾਏ ਵੱਲੋਂ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਦੇ ਰੂਪ ’ਚ ਦਿੱਤੀ ਜਾਣ ਵਾਲੀ ਆਰਥਿਕ ਮਦਦ ਨਾਲ ਮਿ੍ਰਤਕ ਰਣਜੀਤ ਸਿੰਘ ਦੇ ਛੋਟੇ-ਛੋਟੇ ਬੱਚਿਆਂ ਦਾ ਪਾਲਣ-ਪੋਸ਼ਣ ਹੋ ਸਕੇਗਾ।

Share