ਪਾਣੀਪਤ, 25 ਫਰਵਰੀ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਜਿੱਥੇ ਪੰਜਾਬ ਵਿਚ ਬਹੁਤ ਸਾਰੀਆਂ ਕਲੀਨਿਕ ਲੈਬਾਰਟਰੀ ਅਤੇ ਡਾਇਗਨੋਸਟਿਕ ਸੈਂਟਰ ਖੋਲ੍ਹੇ ਗਏ ਹਨ, ਉਥੇ ਪੰਜਾਬ ਤੋਂ ਬਾਹਰ ਵੀ ਇਸ ਦਾ ਪਸਾਰਾ ਵਧਦਾ ਜਾ ਰਿਹਾ ਹੈ। ਇਸ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਹੁਣ ਹਰਿਆਣਾ ਦੇ ਪਾਣੀਪਤ ਅਤੇ ਕਰਨਾਲ ਵਿਖੇ ਸਨੀ ਓਬਰਾਏ ਕਲੀਨਿਕ ਲੈਬਾਰਟਰੀ ਅਤੇ ਡਾਇਗਨੋਸਟਿਕ ਸੈਂਟਰ ਖੋਲ੍ਹਿਆ ਗਿਆ ਹੈ। ਇਸ ਕਲੀਨਿਕ ਦਾ ਉਦਘਾਟਨ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਜੀ ਨੇ ਕੀਤਾ। ਇਹ ਕਲੀਨਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਖੋਲ੍ਹੇ ਗਏ ਹਨ।
ਪਹਿਲਾ ਸੈਂਟਰ ਪਾਣੀਪਤ ਦੇ ਸੈਕਟਰ-25 ਵਿਖੇ ਖੋਲ੍ਹਿਆ ਗਿਆ, ਜਦਕਿ ਦੂਸਰਾ ਸੈਂਟਰ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ, ਕਰਨਾਲ ਵਿਖੇ ਖੋਲ੍ਹਿਆ ਗਿਆ ਹੈ। ਇਨ੍ਹਾਂ ਦੋਵਾਂ ਕਲੀਨਿਕ ਸੈਂਟਰਾਂ ਦਾ ਉਦਘਾਟਨ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਜੀ ਨੇ ਕੀਤਾ। ਇਸ ਮੌਕੇ ਹੋਰ ਵੀ ਬਹੁਤ ਸਾਰੇ ਰਾਜਨੀਤਿਕ ਅਤੇ ਧਾਰਮਿਕ ਆਗੂ ਹਾਜ਼ਰ ਸਨ। ਇਸ ਦੌਰਾਨ ਬੋਲਦਿਆਂ ਮਨੋਹਰ ਲਾਲ ਖੱਟਰ ਜੀ ਨੇ ਕਿਹਾ ਕਿ ਡਾ. ਐੱਸ.ਪੀ. ਸਿੰਘ ਓਬਰਾਏ ਨੇ ਆਪਣਾ ਸਮੁੱਚਾ ਜੀਵਨ ਦੀਨ-ਦੁਖੀਆਂ ਦੀਆਂ ਸੇਵਾਵਾਂ ਵਿਚ ਲਗਾ ਦਿੱਤਾ ਹੈ। ਉਨ੍ਹਾਂ ਨੇ ਬਹੁਤ ਸਾਰੀਆਂ ਜਾਨਾਂ ਬਚਾਈਆਂ ਹਨ, ਜਿਸ ਦੇ ਲਈ ਅਸੀਂ ਡਾ. ਐੱਸ.ਪੀ. ਸਿੰਘ ਓਬਰਾਏ ਦੀ ਸ਼ਲਾਘਾ ਕਰਦੇ ਹਾਂ। ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਅਜਿਹੇ ਬਹੁਤ ਸਾਰੇ ਕਲੀਨਿਕ ਕਈ ਹੋਰ ਥਾਵਾਂ ‘ਤੇ ਵੀ ਖੋਲ੍ਹੇ ਜਾ ਰਹੇ ਹਨ।
ਇਸ ਮੌਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੀ ਹਾਜ਼ਰ ਸਨ। ਉਨ੍ਹਾਂ ਨੇ ਕਮੇਟੀ ਵੱਲੋਂ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ।
ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪਾਣੀਪਤ ‘ਚ ਦੋ ਕਲੀਨਿਕ ਲੈਬਾਰਟਰੀ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

