ਡਾ.ਓਬਰਾਏ ਦੇ ਯਤਨਾਂ ਸਦਕਾ 66 ਸਾਲਾ ਗੁਰਦੇਵ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਤਨ ਪੁੱਜਾ

216
ਹਵਾਈ ਅੱਡੇ ਤੋਂ ਗੁਰਦੇਵ ਸਿੰਘ ਦਾ ਮ੍ਰਿਤਕ ਸਰੀਰ ਪ੍ਰਾਪਤ ਕਰਨ ਮੌਕੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਨਵਜੀਤ ਘਈ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ।
Share

22 ਫ਼ਰਵਰੀ ਨੂੰ ਹਾਰਟ ਅਟੈਕ ਨਾਲ ਹੋ ਗਈ ਸੀ ਮੌਤ
ਟਰੱਸਟ ਨੇ ਹੁਣ ਤੱਕ 292 ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ : ਡਾ. ਓਬਰਾਏ
ਅੰਮ੍ਰਿਤਸਰ, 3 ਮਾਰਚ (ਪੰਜਾਬ ਮੇਲ)- ਖਾੜੀ ਮੁਲਕਾਂ ‘ਚ ਕੰਮ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਾਨਾ ਤਲਵੰਡੀ ਨਾਲ ਸਬੰਧਿਤ 66 ਸਾਲਾ ਗੁਰਦੇਵ ਸਿੰਘ ਪੁੱਤਰ ਊਧਮ ਸਿੰਘ ਦਾ ਮਿ੍ਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਿਆ।

ਮ੍ਰਿਤਕ ਦੀ ਫਾਈਲ ਫੋਟੋ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਬਿਹਤਰ ਬਨਾਉਣ ਲਈ ਸੰਨ 1980 ਤੋਂ ਦੁਬਈ ਵਿਖੇ ਮਿਹਨਤ ਕਰ ਰਿਹਾ ਸੀ ਅਤੇ ਉਸ ਨੇ ਆਪਣੀ ਸਖ਼ਤ ਮਿਹਨਤ ਦੀ ਬਦੌਲਤ ਇੱਥੇ ਟਰਾਂਸਪੋਰਟ ਦਾ ਬਹੁਤ ਵਧੀਆ ਕਾਰੋਬਾਰ ਚਲਾ ਲਿਆ ਸੀ। ਜਾਣਕਾਰੀ ਅਨੁਸਾਰ ਜਿਸ ਕੰਪਨੀ ‘ਚ ਉਸ ਦੇ ਟਰੱਕ ਚੱਲਦੇ ਸਨ, ਉਸ ਕੰਪਨੀ ਦਾ ਮਾਲਕ ਕੰਪਨੀ ਬੰਦ ਕਰ ਕੇ ਭੱਜ ਗਿਆ ਸੀ ਅਤੇ ਗੁਰਦੇਵ ਸਿੰਘ ਹੁਣ ਬਿਨਾਂ ਵੀਜ਼ੇ ਤੋਂ ਹੀ ਇੱਥੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬਦਕਿਸਮਤੀ ਨਾਲ ਬੀਤੀ 22 ਫਰਵਰੀ ਦੀ ਸਵੇਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ ਸੀ। ਇਸ ਘਟਨਾ ਸਬੰਧੀ ਉਨ੍ਹਾਂ ਨਾਲ ਗੁਰਦੇਵ ਸਿੰਘ ਦੇ ਸਬੰਧੀਆਂ ਨੇ ਸੰਪਰਕ ਕਰ ਕੇ ਮ੍ਰਿਤਕ ਦੇਹ ਭਾਰਤ ਪਹੁੰਚਾਉਣ ‘ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਗੁਰਦੇਵ ਸਿੰਘ ਦੇ ਮ੍ਰਿਤਕ ਸਰੀਰ ਨੂੰ ਦੁਬਈ ਤੋਂ ਭਾਰਤ ਭੇਜਿਆ ਹੈ। ਇਸ ਸਮੁੱਚੀ ਕਾਰਵਾਈ ਦੌਰਾਨ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਵੀ ਵਿਸ਼ੇਸ਼ ਭੂਮਿਕਾ ਰਹੀ ਹੈ।
ਪੀੜਤ ਪਰਿਵਾਰ ਨਾਲ ਹਵਾਈ ਅੱਡੇ ਤੇ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸੰਧੂ ਚਮਿਆਰੀ,ਨਵਜੀਤ ਸਿੰਘ ਘਈ,ਸ਼ਿਸ਼ਪਾਲ ਸਿੰਘ, ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 292 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਮ੍ਰਿਤਕ ਗੁਰਦੇਵ ਸਿੰਘ ਦੇ ਭਤੀਜੇ ਗੁਰਦੇਵ ਸਿੰਘ,ਭਰਾ ਸੁਖਮਿੰਦਰ ਸਿੰਘ ਅਤੇ ਕੁੰਨਣ ਸਿੰਘ ਸਮੇਤ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ ‘ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

 


Share