ਕਿਸਾਨ ਅੰਨਦਾਤੇ, ਅਪਰਾਧੀ ਨਹੀਂ : ਮਧੁਰਾ, ਸੌਮਿਆ
ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਖੇਤੀ ਵਿਗਿਆਨੀ ਡਾਕਟਰ ਐੱਮ.ਐੱਸ. ਸਵਾਮੀਨਾਥਨ ਦੀਆਂ ਧੀਆਂ ਮਧੁਰਾ ਅਤੇ ਸੌਮਿਆ ਨੇ ਕਿਹਾ ਕਿ ਕਿਸਾਨ ਅੰਨਦਾਤੇ ਹਨ ਅਤੇ ਉਨ੍ਹਾਂ ਨਾਲ ਅਪਰਾਧੀਆਂ ਵਰਗਾ ਵਿਹਾਰ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਹਰਿਆਣਾ ਪੁਲਿਸ ਵੱਲੋਂ ਅੰਨ੍ਹੇਵਾਹ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਨ ਅਤੇ ਦਿੱਲੀ ਜਾਣ ਵਾਲੇ ਰਾਹ ‘ਤੇ ਖੜ੍ਹੇ ਕੀਤੇ ਗਏ ਅੜਿੱਕਿਆਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਕਿਸਾਨਾਂ ਉਪਰ ਜ਼ੁਲਮ ਦੀ ਥਾਂ ‘ਤੇ ਉਨ੍ਹਾਂ ਨੂੰ ਇੱਜ਼ਤ-ਮਾਣ ਦੇਣਾ ਚਾਹੀਦਾ ਹੈ। ਡਾ. ਸਵਾਮੀਨਾਥਨ ਨੂੰ ਮੋਦੀ ਸਰਕਾਰ ਨੇ ਮਰਨ ਉਪਰੰਤ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਬੰਗਲੂਰੂ ‘ਚ ਇੰਡੀਅਨ ਸਟੈਟੀਸਟੀਕਲ ਇੰਸਟੀਚਿਊਟ ਦੀ ਆਰਥਿਕ ਅਧਿਐਨ ਇਕਾਈ ਦੀ ਮੁਖੀ ਮਧੁਰਾ ਨੇ ਕਿਹਾ ਕਿ ਦੇਸ਼ ਦੇ ਉੱਘੇ ਖੇਤੀ ਵਿਗਿਆਨੀਆਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੇ ਮਸਲਿਆਂ ਦਾ ਢੁੱਕਵਾਂ ਹੱਲ ਕੱਢਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਉਹ ਐੱਮ.ਐੱਸ. ਸਵਾਮੀਨਾਥਨ ਦਾ ਸਨਮਾਨ ਕਰਨਾ ਚਾਹੁੰਦੇ ਹਨ, ਤਾਂ ਕਿਸਾਨਾਂ ਨੂੰ ਵੀ ਨਾਲ ਲੈ ਕੇ ਚੱਲਣਾ ਪਵੇਗਾ। ਸੌਮਿਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਛੋਟੀਆਂ ਜੋਤਾਂ ਵਾਲੇ ਕਿਸਾਨਾਂ ਨੂੰ ਹੱਕ ਦਿਵਾਉਣ ਦੇ ਪੱਖ ‘ਚ ਸਨ। ਉਨ੍ਹਾਂ ਕਿਹਾ ਕਿ ਅੰਨਦਾਤਾ ਕੋਈ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਨਹੀਂ ਜੀਅ ਰਿਹਾ ਹੈ ਅਤੇ ਉਸ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।