#PUNJAB

ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਜਥੇਦਾਰ ਨੂੰ ਪੱਤਰ

ਅੰਮ੍ਰਿਤਸਰ, 4 ਮਾਰਚ (ਪੰਜਾਬ ਮੇਲ)- ਐੱਨ.ਐੱਸ.ਏ. ਤਹਿਤ ਅਸਾਮ ਦੀ ਡਿਬਰੂਗੜ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਪਰਿਵਾਰਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਵਿਚਾਰਨ ਅਤੇ ਠੋਸ ਪ੍ਰੋਗਰਾਮ ਦੇਣ ਲਈ ਸਮੂਹ ਪੰਥਕ ਜਥੇਬੰਦੀਆਂ ਦਾ ਇਕੱਠ ਸੱਦਿਆ ਜਾਵੇ। ਇਸ ਸਬੰਧੀ ਪਰਿਵਾਰਾਂ ਵੱਲੋਂ ਅਕਾਲ ਤਖਤ ਦੇ ਸਕੱਤਰੇਤ ਵਿਚ ਇਹ ਪੱਤਰ ਸੌਂਪਿਆ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਮਿਲੇ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਪੰਜਾਬ ਲਿਆਉਣ ਤੋਂ ਸਾਫ਼ ਜਵਾਬ ਦੇ ਦਿੱਤਾ ਹੈ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧ ਵਿਚ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ‘ਤੇ ਪੰਥਕ ਜਥੇਬੰਦੀਆਂ ਦਾ ਇਕੱਠ ਸੱਦਿਆ ਜਾਵੇ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਲਿਆਉਣ ਤੋਂ ਨਾਂਹ ਕਰ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਂਦਾ ਅਤੇ ਜੇਲ੍ਹ ਵਿਚ ਰੱਖਿਆ, ਤਾਂ ਉੱਥੇ ਮਿਲਣ ਲਈ ਵੱਡੀ ਗਿਣਤੀ ਲੋਕ ਪੁੱਜਣਗੇ। ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ ਆ ਰਹੀਆਂ ਹਨ, ਤਾਂ ਅਜਿਹੀ ਸਥਿਤੀ ਵਿਚ ਸਰਕਾਰ ਲਈ ਚੁਣੌਤੀ ਖੜ੍ਹੀ ਹੋਵੇਗੀ। ਇਸ ਤੋਂ ਸਪੱਸ਼ਟ ਹੈ ਕਿ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ‘ਚ ਸਿੱਖ ਬੰਦੀਆਂ ਵਲੋਂ 16 ਫਰਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ, ਜਿਸ ਕਾਰਨ ਬਸੰਤ ਸਿੰਘ, ਕੁਲਵੰਤ ਸਿੰਘ ਰਾਉਕੇ ਅਤੇ ਹਰਜੀਤ ਸਿੰਘ ਜੱਲੂਪੁਰ ਦੀ ਹਾਲਤ ਕਾਫ਼ੀ ਖ਼ਰਾਬ ਹੈ। ਉਨ੍ਹਾਂ ਕਿਹਾ ਕਿ ਬਸੰਤ ਸਿੰਘ ਨੇ ਪਾਣੀ ਪੀਣਾ ਵੀ ਛੱਡ ਦਿੱਤਾ ਹੈ ਅਤੇ ਡਾਕਟਰਾਂ ਨੇ ਉਸ ਦੀ ਕਿਡਨੀ ਖਰਾਬ ਹੋਣ ਦਾ ਅੰਦੇਸ਼ਾ ਜਤਾਇਆ ਹੈ। ਇਸ ਤਰ੍ਹਾਂ ਕੁਲਵੰਤ ਸਿੰਘ ਰਾਉਕੇ ਦੀ ਦੌਰਾ ਪੈਣ ਕਾਰਨ ਜੀਭ ਕੱਟੀ ਗਈ ਹੈ। ਹਰਜੀਤ ਸਿੰਘ ਜੱਲੂਪੁਰ ਦੀ ਵੀ ਸਿਹਤ ਖ਼ਰਾਬ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦਾ ਪਰਿਵਾਰ ਚਾਹੁੰਦਾ ਹੈ ਕਿ ਇਨ੍ਹਾਂ ਸਿੱਖ ਕੈਦੀਆਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਜਾਵੇ।