#PUNJAB

ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ‘ਤੇ ਪੁਲਿਸ ਸਟੇਸ਼ਨਾਂ ‘ਚ ਤਾਇਨਾਤ ਪੁਲਿਸ ਬਲ ਵਿਚ ਵੱਡਾ ਫੇਰਬਦਲ

– 2017 ਤੋਂ ਹੈਰੋਇਨ ਬਰਾਮਦਗੀ ਵਿਚ 5.6 ਗੁਣਾ ਵਾਧਾ
– ਐੱਨ.ਡੀ.ਪੀ.ਐੱਸ. ਐਕਟ ਵਿਚ ਦੋਸ਼ ਸਾਬਤ ਹੋਣ ਦੀ ਦਰ 81 ਫੀਸਦੀ
ਚੰਡੀਗੜ੍ਹ, 17 ਜੂਨ (ਪੰਜਾਬ ਮੇਲ)- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਪਛਾਣੇ ਗਏ ਹੌਟਸਪੌਟਸ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਨਸ਼ਾ ਸਪਲਾਈ ਦੀ ਕੜੀ ਨੂੰ ਵਿਕਰੀ ਦੇ ਪੱਧਰ (ਪੁਆਇੰਟ ਆਫ਼ ਸੇਲ) ਤੋਂ ਤੋੜਨ ਦੇ ਉਦੇਸ਼ ਨਾਲ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਆਪ੍ਰੇਸ਼ਨ (ਸੀ.ਏ.ਐੱਸ.ਓ.) ਚਲਾਇਆ ਗਿਆ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ। ਸਾਰੀਆਂ ਰੇਂਜਾਂ ਦੇ ਏ.ਡੀ.ਜੀ.ਪੀਜ਼/ਆਈ.ਜੀ.ਪੀਜ਼/ ਡੀ.ਆਈ.ਜੀਜ਼ ਅਤੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਵਿਚ ਨਿੱਜੀ ਤੌਰ ‘ਤੇ ਇਸ ਆਪਰੇਸ਼ਨ ਦੌਰਾਨ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ।
ਸੀ.ਪੀਜ਼/ ਐੱਸ.ਐੱਸ.ਪੀਜ਼ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਵਿਚ ਨਸ਼ਿਆਂ ਦੇ ਹੌਟਸਪੌਟਸ – ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਵਿਕਰੀ ਸਥਾਨਾਂ ਜਾਂ ਉਹ ਖੇਤਰ ਜੋ ਨਸ਼ਾ ਤਸਕਰਾਂ ਲਈ ਛੁਪਣਗਾਹ/ਸੁਰੱਖਿਅਤ ਸਥਾਨ ਬਣ ਗਏ ਹਨ – ਦੀ ਪਛਾਣ ਕਰਕੇ ਵੱਡੀ ਗਿਣਤੀ ਵਿਚ ਪੁਲਿਸ ਬਲ ਨਾਲ ਸਾਵਧਾਨੀਪੂਰਵਕ ਢੰਗ ਨਾਲ ਇਸ ਆਪ੍ਰੇਸ਼ਨ ਨੂੰ ਨੇਪਰੇ ਚਾੜਨ ਦੀ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।
ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਐੱਸ.ਏ.ਐੱਸ. ਨਗਰ ਵਿਖੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਡਾ. ਸੰਦੀਪ ਗਰਗ ਨਾਲ ਇਸ ਆਪ੍ਰੇਸ਼ਨ ਵਿਚ ਸ਼ਾਮਲ ਹੋਏ, ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਤੋਂ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ‘ਇਨਫੋਰਸਮੈਂਟ, ਡੀ-ਐਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ.)’ ਅਪਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਬਹੁ-ਪੱਖੀ ਰਣਨੀਤੀ ਦੇ ਇਨਫੋਰਸਮੈਂਟ ਹਿੱਸੇ ਤਹਿਤ, ਪੁਲਿਸ ਵੱਲੋਂ ਛੋਟੇ ਨਸ਼ਾ ਤਸਕਰਾਂ ਨੂੰ ਨਾਮਜ਼ਦ ਕਰਕੇ ਨਸ਼ਾ ਸਪਲਾਈ ਦੀ ਕੜੀ ਨੂੰ ਵਿਰਕੀ ਦੇ ਪੱਧਰ ਤੋਂ ਹੀ ਤੋੜਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 68 ਐੱਫ. ਤਹਿਤ ਵੱਡੀਆਂ ਮੱਛੀਆਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ਦੇ ਨਾਲ-ਨਾਲ ਸੁਰੱਖਿਆ ਦੀ ਦੂਜੀ ਕਤਾਰ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।
ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਡੀ.ਜੀ.ਪੀ. ਪੰਜਾਬ ਦੇ ਸਪੱਸ਼ਟ ਨਿਰਦੇਸ਼ਾਂ ਤੋਂ ਬਾਅਦ ਕਾਂਸਟੇਬਲ ਰੈਂਕ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਸਾਰੇ ਪੁਲਿਸ ਮੁਲਾਜ਼ਮਾਂ, ਜੋ ਤਿੰਨ ਜਾਂ ਤਿੰਨ ਤੋਂ ਵੱਧ ਸਾਲਾਂ ਤੋਂ ਥਾਣੇ ਵਿਚ ਤਾਇਨਾਤ ਹਨ, ਦਾ ਸੂਬੇ ਭਰ ਦੇ ਥਾਣਿਆਂ ਵਿਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤੇ ਸਾਰੇ ਕੇਸਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਘੋਖਣ ਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਵਿਚ ਸ਼ਾਮਲ ਸਾਰੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਾਰੇ ਨਸ਼ਾ ਤਸਕਰਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਦੇ ਸਖ਼ਤ ਯਤਨਾਂ ਸਦਕਾ 2017 ਤੋਂ ਹੁਣ ਤੱਕ ਹੈਰੋਇਨ ਦੀ ਬਰਾਮਦਗੀ ਵਿਚ 5.6 ਗੁਣਾ (567 ਫ਼ੀਸਦੀ) ਵਾਧਾ ਹੋਇਆ ਹੈ। ਜ਼ਿਕਰਯੋਗ ਹੈ ਕਿ 2023 ਵਿਚ ਪੰਜਾਬ ਪੁਲਿਸ ਵੱਲੋਂ ਰਿਕਾਰਡ 1346 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ, ਜਦਕਿ 2022 ਵਿਚ 594 ਕਿਲੋਗ੍ਰਾਮ, 2021 ਵਿਚ 571 ਕਿਲੋਗ੍ਰਾਮ, 2020 ਵਿਚ 760 ਕਿਲੋਗ੍ਰਾਮ, 2019 ਵਿਚ 460 ਕਿਲੋਗ੍ਰਾਮ, 2018 ਵਿਚ 424 ਕਿਲੋਗ੍ਰਾਮ ਅਤੇ 2017 ਵਿਚ 179 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਸੀ।
ਇਸੇ ਤਰ੍ਹਾਂ ਐੱਨ.ਡੀ.ਪੀ.ਐੱਸ. ਐਕਟ ਵਿਚ ਦੋਸ਼ ਸਾਬਤ ਹੋਣ ਦੀ ਦਰ ਵੀ 2018 ਵਿਚ 59 ਫੀਸਦੀ ਤੋਂ ਵਧ ਕੇ 2023 ਵਿਚ 81 ਫੀਸਦੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਰੁੱਧ ਕਾਨੂੰਨ ਲਾਗੂ ਕਰਨ ਤੋਂ ਇਲਾਵਾ, ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਲੜਾਈ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਆਮ ਲੋਕਾਂ ਦਾ ਸਮਰਥਨ ਪ੍ਰਾਪਤ ਕਰਨ ਵਾਸਤੇ ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਦੇ ਹਿੱਸੇ ਵਜੋਂ, ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ, ਜੋ ਘੱਟ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ, ਨੂੰ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 64-ਏ ਦਾ ਉਪਬੰਧ ਜੋ ਉਨ੍ਹਾਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕਰਦਾ ਹੈ, ਦਾ ਲਾਹਾ ਲੈਣ ਲਈ ਪ੍ਰੇਰਿਤ ਜਾ ਰਿਹਾ ਹੈ।
ਇਸ ਵਿਸ਼ੇਸ਼ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਨੇ ਦੱਸਿਆ ਕਿ 3000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 450 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਦੇ 280 ਡਰੱਗ ਹੌਟਸਪੌਟਸ ‘ਤੇ ਇਹ ਆਪ੍ਰੇਸ਼ਨ ਚਲਾਇਆ।
ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ 140 ਐੱਫ.ਆਈ.ਆਰ. ਦਰਜ ਕਰਕੇ 166 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।