#PUNJAB

ਡੱਲੇਵਾਲ ਨੇ ਸੁਪਰੀਮ ਕੋਰਟ ਕਮੇਟੀ ਦੀ ਇਲਾਜ ਲਈ ਬੇਨਤੀ ਨਕਾਰੀ

ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ
ਪਟਿਆਲਾ/ਪਾਤੜਾਂ, 7 ਜਨਵਰੀ (ਪੰਜਾਬ ਮੇਲ)- ਕਿਸਾਨੀ ਮਸਲਿਆਂ ਨੂੰ ਘੋਖਣ ਲਈ ਚਾਰ ਮਹੀਨੇ ਪਹਿਲਾਂ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਉੱਚ ਤਾਕਤੀ ਕਮੇਟੀ ਨੇ ਢਾਬੀ ਗੁੱਜਰਾਂ ਬਾਰਡਰ ‘ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਇਲਾਜ ਕਰਾਉਣ ਦੀ ਬੇਨਤੀ ਕੀਤੀ। ਡੱਲੇਵਾਲ ਨੇ ਕਮੇਟੀ ਦੀ ਬੇਨਤੀ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਕਮੇਟੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕਰਵਾਉਣਾ ਯਕੀਨੀ ਬਣਾਏ, ਤਾਂ ਜੋ ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ। ਕਮੇਟੀ ਦੀ ਦਲੀਲ ਸੀ ਕਿ ਕਿਸਾਨੀ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੁਝਾਵਾਂ ‘ਤੇ ਆਧਾਰਿਤ ਰਿਪੋਰਟ ਜਲਦੀ ਹੀ ਸੁਪਰੀਮ ਕੋਰਟ ਨੂੰ ਸੌਂਪੀ ਜਾਵੇਗੀ। ਕਮੇਟੀ ਮੈਂਬਰਾਂ ਨੇ ਰਿਪੋਰਟ ਮਿਆਰੀ ਹੋਣ ਵੱਲ ਇਸ਼ਾਰਾ ਕੀਤਾ ਪਰ ਡੱਲੇਵਾਲ ਟਸ ਤੋਂ ਮਸ ਨਾ ਹੋਏ। ਉਨ੍ਹਾਂ ਦੁਹਰਾਇਆ ਕਿ ਐੱਮ.ਐੱਸ.ਪੀ. ਸਮੇਤ ਬਾਕੀ ਮੰਗਾਂ ਮੰਨੇ ਜਾਣ ਤੱਕ ਉਹ ਮਰਨ ਵਰਤ ਜਾਰੀ ਰੱਖਣਗੇ। ਕੁਝ ਅਧਿਕਾਰੀਆਂ ਅਤੇ ਹੋਰਾਂ ਨੇ ਮੀਟਿੰਗ ਨੂੰ ਹਾਂ-ਪੱਖੀ ਮੰਨਦਿਆਂ ਕਿਹਾ ਕਿ ਕਮੇਟੀ ਕਿਸਾਨਾਂ ਅਤੇ ਸਰਕਾਰ ਦਰਮਿਆਨ ਪੁੱਲ ਦਾ ਕੰਮ ਕਰੇਗੀ ਅਤੇ ਅਗਲੇ ਦਿਨਾਂ ‘ਚ ਕੁਝ ਵਧੀਆ ਖ਼ਬਰਾਂ ਸੁਣਨ ਨੂੰ ਮਿਲ ਸਕਦੀਆਂ ਹਨ।