ਢੀਂਡਸਾ ਵੱਲੋਂ ਕਿਸਾਨਾਂ ‘ਤੇ ਹੋਏ ਤਸ਼ਦੱਦ ਵਿਰੁੱਧ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੱਤਰ

199
Share

-ਕਿਹਾ: ਕਿਸਾਨਾਂ ਤੇ ਹੋਏ ਤਸ਼ਦੱਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ
ਚੰਡੀਗੜ੍ਹ, 2 ਦਸੰਬਰ (ਪੰਜਾਬ ਮੇਲ)- ਖੇਤੀ ਕਾਲੇ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਚੱਲੋ ਦੇ ਸੱਦੇ ‘ਤੇ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਉਤੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਢਾਹੇ ਗਏ ਤਸ਼ਦੱਦ ਵਿਰੁੱਧ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਕ ਪੱਤਰ ਲਿਖਕੇ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਰਾਸ਼ਟਰੀ ਮਨੁੱਖੀ ਅਧਿਕਾਰ ਨੂੰ ਲਿਖੇ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨ ਸੰਵਿਧਾਨਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ 26-27 ਨਵੰਬਰ ਨੂੰ ਦਿੱਲੀ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਆਪਣੀ ਸਰਹੱਦਾਂ ਸੀਲ ਕਰ ਦਿੱਤੀ ਗਈ। ਜਦੋਂ ਕਿਸਾਨ ਜਥੇਬੰਦੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਉਤੇ ਜਲ ਤੋਪਾਂ, ਠੰਢ ਵਿਚ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ। ਜਿਸ ਨਾਲ ਅੰਨਦਾਤਿਆਂ ਨੂੰ ਸਰੀਰਕ ਅਤੇ ਆਰਥਿਕ ਰੂਪ ‘ਚ ਕਾਫ਼ੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕਈਂ ਥਾਵਾਂ ਤੇ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ ਅਤੇ ਕਈਂ ਕਿਸਾਨਾਂ ਵਿਰੁੱਧ ਝੁੱਠੇ ਮਾਮਲੇ ਵੀ ਦਰਜ ਕੀਤੇ ਗਏ ਹਨ। ਢੀਂਡਸਾ ਨੇ ਲਿਖਿਆ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਵਿਰੁੱਧ ਤਸ਼ੱਦੱਦ ਢਾਈ ਹੈ। ਜੋ ਕਿ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਇਸ ਕਰਕੇ ਸਰਕਾਰਾਂ ਤੋਂ ਇਸਦੀ ਜਵਾਬਤਲਬੀ ਮੰਗੀ ਜਾਵੇ ਅਤੇ ਇਸ ਵਿਚ ਕਾਰਵਾਈ ਕੀਤੀ ਜਾਵੇ।


Share