ਸਰੀ, 16 ਫਰਵਰੀ (ਹਰਦਮ ਮਾਨ/ਪੰਜਾਬ ਮੇਲ)- ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਹਾਲੈਂਡ ਪਾਰਕ ਸਰੀ ਵਿਖੇ ਵਿਦੇਸ਼ੀ ਵਿਦਿਆਰਥੀਆਂ ਦੇ ਹੋ ਰਹੇ ਸ਼ੋਸ਼ਣ ਅਤੇ ਵਿਸ਼ੇਸ਼ ਕਰਕੇ ਮਾਂਟਰੀਅਲ ਦੇ ਤਿੰਨ ਕਾਲਜਾਂ ਵੱਲੋਂ ਆਪਣੇ-ਆਪਣੇ ਦੀਵਾਲੀਆ ਐਲਾਨ ਕੇ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖਤਰੇ ’ਚ ਪਾਉਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਬੁਲਾਰਿਆਂ ਨੇ ਫੈਡਰਲ ਸਰਕਾਰ ਅਤੇ ਕਿਊਬਿਕ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇਨਸਾਫ ਦੁਆਇਆ ਜਾਵੇ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਖਰਚੇ ਪੂਰੇ ਕਰਨ ਲਈ ਕਈ ਵਾਰ ਕਾਨੂੰਨੀ ਤੌਰ ’ਤੇ ਹਫਤੇ ਵਿਚ ਮਨਜ਼ੂਰ 20 ਘੰਟਿਆਂ ਤੋਂ ਵੱਧ ਕੰਮ ਕਰਨਾ ਪੈਂਦਾ ਹੈ, ਜੋ ਉਨ੍ਹਾਂ ਦੀ ਲੁੱਟ ਦਾ ਕਾਰਨ ਬਣਦਾ ਹੈ। ਕਾਨੂੰਨੀ ਤੌਰ ’ਤੇ ਕੰਮ ਕਰਨ ਦੇ ਘੰਟਿਆਂ ਤੋਂ ਵੱਧ ਕੰਮ ਕਰਨਾ ਉਨ੍ਹਾਂ ਦੀ ਮਜਬੂਰੀ ਹੁੰਦੀ ਹੈ ਪਰ ਬਹੁਤ ਸਾਰੇ ਕੇਸਾਂ ਵਿਚ ਮਾਲਕਾਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਦੇ ਬਣਦੇ ਪੈਸੇ ਦਿੱਤੇ ਹੀ ਨਹੀਂ ਜਾਂਦੇ ਤੇ ਵਿਦਿਆਰਥੀਆਂ ਨੂੰ ਡਰਾਇਆ ਧਮਕਾਇਆ ਵੀ ਜਾਂਦਾ ਹੈ। ਇਸ ਸਬੰਧੀ ਕੈਨੇਡਾ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਵਿਦੇਸ਼ੀ ਵਿਦਿਆਰਥੀਆਂ ਪਾਸੋਂ ਕੈਨੇਡੀਅਨ ਵਿਦਿਆਰਥੀਆਂ ਦੇ ਮੁਕਾਬਲੇ ਤਿੰਨ ਗੁਣਾਂ ਵੱਧ ਫੀਸਾਂ ਵਸੂਲੀਆਂ ਜਾਂਦੀਆਂ ਹਨ, ਤਾਂ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਕੈਨੇਡੀਅਨ ਵਿਦਿਆਰਥੀਆਂ ਵਾਂਗ ਹੀ ਕਾਨੂੰਨੀ ਤੌਰ ’ਤੇ ਪੂਰਾ ਸਮਾਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਕਿ ਕੋਈ ਵੀ ਉਨ੍ਹਾਂ ਦੀ ਲੁੱਟ ਨਾ ਕਰ ਸਕੇ।