ਤਿੰਨ ਖੇਤੀ ਕਾਨੂੰਨਾਂ ਨੂੰ ਭਵਿੱਖ ’ਚ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ: ਤੋਮਰ

278
Share

ਕਿਹਾ: ਮਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਰਾਜ ਸਰਕਾਰਾਂ ਦਾ ਕੰਮ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)- ਸਰਕਾਰ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਉਸ ਦੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ, ਜੋ ਕਿਸਾਨ ਅੰਦੋਲਨ ਕਾਰਨ ਬਾਅਦ ਵਿੱਚ ਵਾਪਸ ਲੈ ਲਏ ਗਏ ਸਨ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਪਰਲੇ ਸਦਨ ਵਿੱਚ ਲਿਖਤੀ ਜਵਾਬ ਵਿੱਚ ਕਿਹਾ ਕਿ ਸਰਕਾਰ ਦੀ ਵਾਪਸ ਲਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਭਵਿੱਖ ਵਿਚ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ।
ਉੱਪਰਲੇ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਪੁੱਛਿਆ ਸੀ ਕਿ ਕੀ ਸਰਕਾਰ ਕੋਲ ਭਵਿੱਖ ਵਿਚ ਵਾਪਸ ਲਏ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਹੈ। ਸ਼੍ਰੀ ਖੜਗੇ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦੇਵੇਗੀ। ਇਸ ਦੇ ਜਵਾਬ ਵਿਚ ਤੋਮਰ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਵਿਸ਼ਾ ਸਬੰਧਤ ਰਾਜ ਸਰਕਾਰਾਂ ਕੋਲ ਹੈ। ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਸਾਲ ਫਸਲਾਂ ਦੇ ਦੋਵਾਂ ਸੀਜ਼ਨਾਂ ਵਿਚ ਢੁਕਵੀਂ ਔਸਤ ਗੁਣਵੱਤਾ ਦੀਆਂ 22 ਪ੍ਰਮੁੱਖ ਖੇਤੀ ਜਿਣਸਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦਾ ਐਲਾਨ ਕਰਦੀ ਹੈ।

Share