ਦਿੱਲੀ-ਜੈਪੁਰ ਹਾਈਵੇਅ ’ਤੇ ਹਜ਼ਾਰਾਂ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ: ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ

431
Share

-ਅੱਥਰੂ ਗੈਸ ਦੇ ਗੋਲੇ ਦਾਗੇ; ਟਰੈਕਟਰ-ਟਰਾਲੀ ਨੂੰ ਅੱਗ ਲੱਗੀ
ਰੇਵਾੜੀ (ਹਰਿਆਣਾ), 3 ਜਨਵਰੀ (ਪੰਜਾਬ ਮੇਲ)- ਦਿੱਲੀ-ਜੈਪੁਰ ਹਾਈਵੇਅ ’ਤੇ ਸਥਿਤ ਪਿੰਡ ਸੰਗਵਾੜੀ ਨੇੜੇ ਡੇਰਾ ਪਾਈ ਬੈਠੇ ਹਜ਼ਾਰਾਂ ਕਿਸਾਨਾਂ ਨੇ ਅੱਜ ਸ਼ਾਮ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਅਚਾਨਕ ਦਿੱਲੀ ਵੱਲ ਕੂਚ ਕਰ ਦਿੱਤਾ। ਸੈਂਕੜੇ ਟਰੈਕਟਰ-ਟਰਾਲੀਆਂ ’ਤੇ ਸਵਾਰ ਕਿਸਾਨ ਜਦੋਂ ਧਾਰੂਹੇੜਾ ਤੋਂ ਪਹਿਲਾਂ ਸਾਬੀ ਪੁਲ ਨੇੜੇ ਪਹੁੰਚੇ, ਤਾਂ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਵੱਡੀ ਗਿਣਤੀ ’ਚ ਅੱਥਰੂ ਗੈਸ ਦੇ ਗੋਲੇ ਦਾਗੇ। ਟਕਰਾਅ ਦੀ ਸਥਿਤੀ ਦੇ ਬਾਵਜੂਦ ਕਿਸਾਨ ਨਾ ਰੁੱਕੇ ਤੇ ਦਿੱਲੀ ਵੱਲ ਵਧਦੇ ਚਲੇ ਗਏ। ਹਾਈਵੇਅ ’ਤੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਇਕੱਠੇ ਹਨ। ਕਿਸਾਨ ਅੰਦੋਲਨ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ ਤੇ ਹਜ਼ਾਰਾਂ ਦੀ ਗਿਣਤੀ ’ਚ ਲੋਕ ਇਸ ’ਚ ਫਸ ਗਏ। ਕਿਸਾਨਾਂ ਨੇ ਐਲਾਨ ਕਰ ਦਿੱਤਾ ਹੈ ਕਿ ਹੁਣ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਕੋਈ ਨਹੀਂ ਰੋਕ ਸਕਦਾ। ਇਸ ਦੌਰਾਨ ਇੱਕ ਟਰੈਕਟਰ ਟਰਾਲੀ ਨੂੰ ਅੱਗ ਲੱਗ ਗਈ, ਪਰ ਇਸ ਦੇ ਬਾਵਜੂਦ ਕਿਸਾਨ ਪੁਲਿਸ ਰੋਕਾਂ ਤੋੜ ਕੇ ਅੱਗੇ ਵਧ ਗਏ।

Share