#INDIA

ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਵੱਲੋਂ ‘ਆਪ’ ਤੋਂ ਅਸਤੀਫਾ

ਨਵੀਂ ਦਿੱਲੀ, 18 ਨਵੰਬਰ (ਪੰਜਾਬ ਮੇਲ)- ਦਿੱਲੀ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਤੇ ਅਸਤੀਫ਼ੇ ‘ਚ ਨਜਫਗੜ੍ਹ ਦੇ ਵਿਧਾਇਕ ਗਹਿਲੋਤ ਨੇ ਪਾਰਟੀ ਸਾਹਮਣੇ ‘ਗੰਭੀਰ ਚੁਣੌਤੀਆਂ’ ਵੱਲ ਇਸ਼ਾਰਾ ਕੀਤਾ। ਸੂਤਰਾਂ ਨੇ ਦੱਸਿਆ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇਹ ਅਸਤੀਫਾ ਸਵੀਕਾਰ ਕਰ ਲਿਆ ਹੈ। ਕੇਜਰੀਵਾਲ ‘ਤੇ ਚੁਟਕੀ ਲੈਂਦਿਆਂ ਗਹਿਲੋਤ ਨੇ ‘ਸ਼ੀਸ਼ਮਹਿਲ’ ਵਰਗੇ ਮੁੱਦੇ ਉਠਾਉਂਦਿਆਂ ਕਿਹਾ ਕਿ ਇਸ ਨਾਲ ਹਰ ਕਿਸੇ ਨੂੰ ਸ਼ੱਕ ਹੁੰਦਾ ਹੈ ਕਿ ‘ਕੀ ਅਸੀਂ ਹਾਲੇ ਵੀ ਖੁਦ ਨੂੰ ‘ਆਮ ਆਦਮੀ’ ਸਮਝਦੇ ਹਾਂ।’ ਭਾਜਪਾ ਨੇ ਕੇਜਰੀਵਾਲ ਦੀ ਪੁਰਾਣੀ ਰਿਹਾਇਸ਼ ਨੂੰ ‘ਸ਼ੀਸ਼ਮਹਿਲ’ ਦੱਸਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੇ ਅਧਿਕਾਰਾਂ ਲਈ ਲੜਨ ਦੀ ਥਾਂ, ‘ਤੁਸੀਂ ਆਪਣੇ ਖ਼ੁਦ ਦੇ ਏਜੰਡੇ ਲਈ ਲੜਨ ਵਿਚ ਰੁੱਝੇ ਹੋਏ ਹੋ, ਜਿਸ ਨਾਲ ਦਿੱਲੀ ਵਾਲਿਆਂ ਨੂੰ ਬੁਨਿਆਦੀ ਸੇਵਾਵਾਂ ਦੀ ਸਪਲਾਈ ਰੁੱਕ ਗਈ ਹੈ।’ ‘ਆਪ’ ਆਗੂਆਂ ਨੇ ਕਿਹਾ ਕਿ ਗਹਿਲੋਤ ਈ.ਡੀ. ਤੇ ਸੀ.ਬੀ.ਆਈ. ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਕੋਲ ਭਾਜਪਾ ‘ਚ ਸ਼ਾਮਲ ਹੋਣ ਤੋਂ ਇਲਾਵਾ ਕੋਈ ਬਦਲ ਨਹੀਂ ਬਚਿਆ।