ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

335
Share

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 28 ਅਗਸਤ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਸ. ਮਨਜਿੰਦਰ ਸਿੰਘ ਸਿਰਸਾ ਅਤੇ ਸ. ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿਚ ਪੁੱਜੇ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜਣ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਇਸੇ ਦੌਰਾਨ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਅਤੇ ਹੋਰ ਅਹੁਦੇਦਾਰਾਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਹੋਈ ਜਿੱਤ ਸਿੱਖ ਪੰਥ ਦੀ ਜਿੱਤ ਹੈ। ਉਨ੍ਹਾਂ ਸ. ਮਨਜਿੰਦਰ ਸਿੰਘ ਸਿਰਸਾ, ਸ. ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਨਾਲ ਆਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਬੀਤੇ ਸਮੇਂ ਵਿਚ ਨਿਭਾਈਆਂ ਮਾਨਵ ਭਲਾਈ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਸਿੱਖੀ ਦੇ ਪ੍ਰਚਾਰ ਅਤੇ ਮਾਨਵਤਾ ਦੀ ਸੇਵਾ ਲਈ ਤੱਤਪਰ ਰਹਿਣ ਦੀ ਆਸ ਪ੍ਰਗਟਾਈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਜਿਤਾ ਕੇ ਦਿੱਲੀ ਦੀ ਸੰਗਤ ਨੇ ਪੰਥ ਵਿਰੋਧੀ ਸ਼ਕਤੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀ ਸਥਾਪਨਾ ਲਈ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਸੰਗਤ ਇਸ ਗੱਲ ਬਾਰੇ ਬਾਖੂਬੀ ਸਮਝਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਨੂੰ ਪੰਥਕ ਕਾਰਜਾਂ ਲਈ ਹਮੇਸ਼ਾਂ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਅਤੇ ਭਵਿੱਖ ਵਿਚ ਜਾਰੀ ਰਹੇਗਾ।
ਇਸ ਮੌਕੇ ਸ. ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਹੋਈ ਹੈ ਅਤੇ ਉਹ ਸੰਗਤ ਦੀ ਸੇਵਾ ਲਈ ਦਿਨ ਰਾਤ ਇੱਕ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਚੋਣਾਂ ਦੌਰਾਨ ਸਾਰੀਆਂ ਪੰਥ ਵਿਰੋਧੀ ਤਾਕਤਾਂ ਜ਼ੋਰ ਲਗਾ ਰਹੀਆਂ ਸਨ ਪਰ ਸੰਗਤ ਨੇ ਉਨ੍ਹਾਂ ਨੂੰ ਨਕਾਰ ਕੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਫਿਰ ਮਾਣ ਬਖਸ਼ਿਆ ਹੈ। ਸ. ਸਿਰਸਾ ਨੇ ਕਿਹਾ ਕਿ ਕੇਂਦਰ ਤੇ ਦਿੱਲੀ ਦੀਆਂ ਸਰਕਾਰਾਂ ਸਮੇਤ ਪੰਥ ਵਿਰੋਧੀਆਂ ਦਾ ਸਾਰਾ ਜ਼ੋਰ ਪੰਥ ਪ੍ਰਸਤ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਹਰਾਉਣ ਵਿਚ ਲੱਗਾ ਹੋਇਆ ਸੀ ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਸ. ਸਿਰਸਾ ਨੇ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਦੀ ਵੀ ਵਚਨਬੱਧਤਾ ਪ੍ਰਗਟਾਈ।
ਇਸ ਦੌਰਾਨ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਦਿੱਲੀ ਕਮੇਟੀ ਦੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਵਰ੍ਹਾ ਦਿੱਲੀ ਗੁਰਦੁਆਰਾ ਕਮੇਟੀ ਦੇ ਐਕਟ ਦੀ ਕਾਇਮੀ ਦਾ 50ਵਾਂ ਵਰ੍ਹਾ ਹੈ ਅਤੇ ਇਸ ਦੌਰਾਨ ਸਿੱਖੀ ਪ੍ਰਚਾਰ ਲਈ ਯਤਨ ਹੋਰ ਤੇਜ ਕੀਤੇ ਜਾਣਗੇ। ਇਸ ਮੌਕੇ ਸ. ਮਨਜਿੰਦਰ ਸਿੰਘ ਸਿਰਸਾ ਅਤੇ ਸ. ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਇਸਤਰੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਬੀਬੀ ਰਣਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ, ਦਿੱਲੀ ਕਮੇਟੀ ਦੇ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ, ਸ. ਅਮਰਜੀਤ ਸਿੰਘ, ਸ. ਜਸਬੀਰ ਸਿੰਘ, ਸ. ਭੁਪਿੰਦਰ ਸਿੰਘ, ਸ. ਹਰਜੀਤ ਸਿੰਘ, ਸ. ਰਾਜਿੰਦਰ ਸਿੰਘ, ਸ. ਜਗਦੀਪ ਸਿੰਘ ਕਾਹਲੋਂ ਚੇਅਰਮੈਨ ਲੀਗਲ ਸੈੱਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ. ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਮੌਜੂਦ ਸਨ।

Share