ਦਿੱਲੀ ਹਿੰਸਾ ‘ਚ ਸ਼ਹੀਦ ਹੋਏ ਰਤਨ ਲਾਲ ਦੇ ਪਰਿਵਾਰ ਨੂੰ ਕੇਜਰੀਵਾਲ ਵੱਲੋਂ 1 ਕਰੋੜ ਤੇ ਨੌਕਰੀ ਦੇਣ ਦਾ ਐਲਾਨ

766

ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ‘ਚ ਇਹ ਐਲਾਨ ਕਰਦਿਆਂ ਕਿਹਾ ਕਿ ਅਸੀਂ ਰਤਨ ਲਾਲ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿਆਂਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਪਰਿਵਾਰ ਨੂੰ ਮਦਦ ਦੇ ਤੌਰ ‘ਤੇ ਇਕ ਕਰੋੜ ਰੁਪਏ ਤੇ ਇਕ ਨੌਕਰੀ ਦੇਵਾਂਗੇ।
ਦਿੱਲੀ ਵਿਧਾਨ ਸਭਾ ਦੀ ਤਿੰਨ ਰੋਜ਼ਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਇਆ। ਸੈਸ਼ਨ ਦੀ ਕਾਰਵਾਈ ਦੌਰਾਨ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਦਨ ‘ਚ ਕਿਹਾ ਕਿ ਦਿੱਲੀ ਸਰਕਾਰ ਦੰਗਿਆਂ ਦੌਰਾਨ ਮਾਰੇ ਗਏ ਹੈੱਡ ਕਾਂਸਟੇਬਲ ਰਤਨ ਲਾਲ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।
ਕੇਜਰੀਵਾਲ ਨੇ ਸੈਸ਼ਨ ਦੌਰਾਨ ਕਿਹਾ ਕਿ ਦਿੱਲੀ ਦੀ ਜਨਤਾ ਹਿੰਸਾ ਨਹੀਂ ਚਾਹੁੰਦੀ। ਇਹ ਸਾਰਾ ਆਮ ਆਦਮੀ ਪਾਰਟੀ ਵੱਲੋਂ ਨਹੀਂ ਕੀਤਾ ਗਿਆ। ਇਹ ਸਾਰਾ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਹੈ। ਹਿੰਦੂ ਤੇ ਮੁਸਲਿਮ ਕਦੇ ਨਹੀਂ ਲੜਦੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਰਤਨ ਲਾਲ ਦੇ ਪਰਿਵਾਰ ਨੂੰ ਇਹ ਪੂਰਾ ਵਿਸ਼ਵਾਸ ਦਿਵਾਉਂਦੇ ਹਾਂ ਕਿ ਤੁਹਾਡਾ ਪੂਰਾ ਖਿਆਲ ਰੱਖਿਆ ਜਾਵੇਗਾ। ਆਰਥਿਕ ਸਹਾਇਤਾ ਤੋਂ ਇਲਾਵਾ ਉਨ੍ਹਾਂ ਪਰਿਵਾਰ ਨੂੰ ਇਕ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ।