ਕੈਨੇਡਾ ਤੋਂ ਲੈ ਕੇ ਅਮਰੀਕਾ ਤੱਕ ਰੈਲੀਆਂ
ਚੰਡੀਗੜ੍ਹ, 13 ਦਸੰਬਰ (ਪੰਜਾਬ ਮੇਲ)- ਭਾਰਤੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਇਕ ਵਾਰ ਫਿਰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਦੁਨੀਆਂ ਭਰ ਦੇ ਭਾਰਤੀ ਪ੍ਰਵਾਸੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸਰਗਰਮ ਹੋ ਗਏ ਹਨ। ਬੁੱਧਵਾਰ ਨੂੰ ਕੈਲੀਫੋਰਨੀਆ ਵਿਚ ਰੈਲੀ ਤੋਂ ਬਾਅਦ 13 ਦਸੰਬਰ ਨੂੰ ਕੈਨੇਡਾ ਦੇ ਸ਼ਹਿਰ ਸਰੀ ਵਿਚ ਇੱਕ ਹੋਰ ਕਾਰ ਰੈਲੀ ਕੀਤੀ ਜਾਵੇਗੀ। ਇਹ ਰੈਲੀ ਕਿਸਾਨ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ਦੀ ਯਾਦ ਵਿਚ ਕੀਤੀ ਜਾ ਰਹੀ ਹੈ। ਕਿਸਾਨ ਆਗੂ ਸ਼ਰਨ ਸਿੰਘ ਪੰਧੇਰ ਨੇ ਪੁਸ਼ਟੀ ਕੀਤੀ ਕਿ ਇਹ ਰੈਲੀਆਂ ਪ੍ਰਵਾਸੀ ਭਾਰਤੀਆਂ ਵੱਲੋਂ ਪੱਛਮੀ ਮੁਲਕਾਂ ਵਿਚ ਵਸਦੇ ਲੋਕਾਂ ਦਾ ਧਿਆਨ ਭਾਰਤ ਵਿਚ ਚੱਲ ਰਹੇ ਅੰਦੋਲਨ ਵੱਲ ਖਿੱਚਣ ਲਈ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਕਿਹਾ, ”ਨਿਹੱਥੇ ਕਿਸਾਨਾਂ ਦੀ ਦੁਰਦਸ਼ਾ ਨੂੰ ਉਜਾਗਰ ਕਰਨ ਲਈ ਕਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਦੋਂ ਉਹ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰ ਰਹੇ ਸਨ।” ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ। ਕੈਲੀਫੋਰਨੀਆ ਵਿਚ ਪ੍ਰਵਾਸੀ ਭਾਰਤੀਆਂ ਨੇ ਵੀ ਅੰਦੋਲਨ ਦੇ ਸਮਰਥਨ ਵਿਚ ਇੱਕ ਦਿਨ ਦਾ ਵਰਤ ਰੱਖਣ ਦਾ ਫ਼ੈਸਲਾ ਕੀਤਾ ਹੈ। ਇਹ ਮਰਨ ਵਰਤ 17 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿਚ ਕੀਤਾ ਜਾਵੇਗਾ।
ਕਿਸਾਨ ਆਗੂ, ਜੋ 14 ਦਸੰਬਰ ਨੂੰ ਦਿੱਲੀ ਵੱਲ ਪੈਦਲ ਮਾਰਚ ਦੀ ਤਿਆਰੀ ਕਰ ਰਹੇ ਸਨ, ਹੁਣ ਗਾਇਕਾਂ ਅਤੇ ਅਧਿਆਤਮਿਕ ਆਗੂਆਂ ਤੋਂ ਸਮਰਥਨ ਇਕੱਠਾ ਕਰਨ ਵਿਚ ਰੁੱਝੇ ਹੋਏ ਹਨ। ਇਸ ਦੌਰਾਨ ਕੇਂਦਰੀ ਰੇਲ ਰਾਜ ਮੰਤਰੀ ਰਵਿੰਦਰ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਮਰਜੀਵਾੜਾ ਜਥਾ’ ਦਿੱਲੀ ਵੱਲ ਨਾ ਭੇਜਣ ਅਤੇ ਗੱਲਬਾਤ ਦਾ ਰਾਹ ਅਪਣਾਉਣ। ਪਟਿਆਲਾ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੁੱਦੇ ਸਰਕਾਰ ਤੱਕ ਪਹੁੰਚਾਉਣ ਲਈ ਤਿਆਰ ਹਨ ਅਤੇ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ।
ਕਿਸਾਨ ਆਗੂ ਪੰਧੇਰ ਨੇ ਬਿੱਟੂ ਦੀ ਅਪੀਲ ਨੂੰ ਰੱਦ ਕਰਦਿਆਂ ਕਿਹਾ ਕਿ ਜੇਕਰ ਬਿੱਟੂ ਗੰਭੀਰ ਹੈ, ਤਾਂ ਉਹ ਦਿੱਲੀ ਜਾ ਕੇ ਸਰਕਾਰ ਤੋਂ ਰਸਮੀ ਪੱਤਰ ਲਿਆ ਕੇ ਗੱਲਬਾਤ ਸ਼ੁਰੂ ਕਰੇ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ 101 ਕਿਸਾਨਾਂ ਦਾ ਅਗਲਾ ਜੱਥਾ ਦਿੱਲੀ ਵੱਲ ਮਾਰਚ ਕਰੇਗਾ। ਇਸ ਤੋਂ ਪਹਿਲਾਂ 6 ਅਤੇ 8 ਦਸੰਬਰ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿਚ 30 ਦੇ ਕਰੀਬ ਕਿਸਾਨ ਜ਼ਖਮੀ ਹੋ ਗਏ ਸਨ।
ਐੱਸ.ਕੇ.ਐੱਮ. (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਦੇਸ਼ ਵਾਸੀਆਂ ਨੂੰ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਰਾਤ ਦਾ ਖਾਣਾ ਛੱਡਣ ਦੀ ਅਪੀਲ ਕੀਤੀ ਹੈ। ਐੱਸ.ਕੇ.ਐੱਮ. (ਗੈਰ-ਸਿਆਸੀ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ‘ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡੇਰੇ ਲਾਏ ਹੋਏ ਹਨ। ਉਨ੍ਹਾਂ ਦੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.), ਕਰਜ਼ਾ ਮੁਆਫ਼ੀ, ਕਿਸਾਨਾਂ ਅਤੇ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿਚ ਕੋਈ ਵਾਧਾ ਨਾ ਕਰਨਾ, ਕਿਸਾਨਾਂ ਖ਼ਿਲਾਫ਼ ਦਰਜ ਪੁਲਿਸ ਕੇਸ ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸ਼ਾਮਲ ਹੈ।