ਨਕੋਦਰ ਬੇਅਦਬੀ ਕਾਂਡ : 35 ਸਾਲ ਬੀਤ ਜਾਣ ’ਤੇ ਵੀ ਨਾ ਮਿਲਿਆ ਇਨਸਾਫ਼

202
ਸਾਕਾ ਨਕੋਦਰ ਦੇ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਰਾਮਗੜ੍ਹ, ਭਾਈ ਝਿਲਮਣ ਸਿੰਘ ਗੌਰਸੀਆਂ ਤੇ ਭਾਈ ਹਰਮਿੰਦਰ ਸਿੰਘ ਚਲੂਪਰ।
Share

ਜਲੰਧਰ, 4 ਫਰਵਰੀ (ਪੰਜਾਬ ਮੇਲ)- ਨਕੋਦਰ ਬੇਅਦਬੀ ਕਾਂਡ ਦੇ 35 ਸਾਲ ਬੀਤ ਜਾਣ ’ਤੇ ਵੀ ਪੀੜਤ ਮਾਪਿਆਂ ਨੂੰ ਇਨਸਾਫ਼ ਨਹੀਂ ਮਿਲਿਆ। ਇਸ ਘਟਨਾ ’ਚ ਚਾਰ ਸਿੱਖ ਨੌਜਵਾਨ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ। ਇਨ੍ਹਾਂ ਚਾਰ ਸਿੱਖ ਨੌਜਵਾਨਾਂ ’ਚੋਂ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਜਿੱਥੇ ਇਨਸਾਫ਼ ਦੀ ਮੰਗ ਕੀਤੀ ਹੈ, ਉਥੇ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਉਨ੍ਹਾਂ ਵੱਲੋਂ ਨਕੋਦਰ ਬੇਅਦਬੀ ਕਾਂਡ ਦੀ ਮੁੜ ਤੋਂ ਜਾਂਚ ਕਰਵਾਉਣ ਦਾ ਵਾਅਦਾ ਵੀ ਯਾਦ ਕਰਵਾਇਆ ਹੈ।
ਜ਼ਿਕਰਯੋਗ ਹੈ ਕਿ ਨਕੋਦਰ ਵਿਚ 2 ਫਰਵਰੀ 1986 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਨਕੋਦਰ ’ਚ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਸ਼ਰਾਰਤੀ ਅਨਸਰਾਂ ਨੇ ਸਾੜ ਦਿੱਤੇ ਸਨ। 4 ਫਰਵਰੀ ਨੂੰ ਸ਼ਾਂਤੀਪੂਰਵਕ ਢੰਗ ਨਾਲ ਵਿਰੋਧ ਪ੍ਰਗਟਾਉਂਦੀ ਸੰਗਤ ’ਤੇ ਪੰਜਾਬ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਦੌਰਾਨ ਚਾਰ ਸਿੱਖ ਨੌਜਵਾਨ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਰਾਮਗੜ੍ਹ, ਭਾਈ ਹਰਮਿੰਦਰ ਸਿੰਘ ਚਲੂਪਰ ਅਤੇ ਭਾਈ ਝਿਲਮਣ ਸਿੰਘ ਗੌਰਸੀਆਂ ਸ਼ਹੀਦ ਹੋ ਗਏ ਸਨ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਇਕ ਪੱਤਰ ਭੇਜ ਕੇ ਅਪੀਲ ਹੈ ਕਿ 4 ਫਰਵਰੀ 1986 ਨੂੰ ਵਾਪਰੇ ਨਕੋਦਰ ਕਾਂਡ ਦੀ ਰਿਪੋਰਟ ਜਨਤਕ ਕਰਕੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ। ਜਥੇਬੰਦੀ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਇਸ ਸਬੰਧੀ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਬਣਾਇਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਤਕ ਜਨਤਕ ਨਹੀਂ ਕੀਤੀ ਗਈ।

Share