ਨਵਜੋਤ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਕਰਨਗੇ ਚੰਨੀ

132
Share

ਜਲੰਧਰ, 17 ਫਰਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ ਹੁਣ ਸਿਰਫ਼ ਦੋ ਦਿਨ ਬਾਕੀ ਹਨ। ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਸੱਤਾਧਾਰੀ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਥੋੜ੍ਹੀਆਂ ਘੱਟ ਹੁੰਦੀਆਂ ਨਜ਼ਰ ਆ ਰਹੀਆਂ ਹਨ। ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪੂਰਬੀ ਜਾ ਕੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਕਰਨਗੇ। ਨਵਜੋਤ ਸਿੱਧੂ ਭਾਵੇਂ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਵਿੱਚ ਹਾਈਕਮਾਂਡ ਦਾ ਸਾਥ ਦੇਣ ਦੀ ਗੱਲ ਕਰਦੇ ਰਹੇ ਹਨ ਪਰ ਚੰਨੀ ਨੂੰ ਲੈ ਕੇ ਸਿੱਧੂ ਪਰਿਵਾਰ ਵੱਲੋਂ ਗੰਭੀਰ ਸਵਾਲ ਉਠਾਏ ਗਏ ਹਨ। ਇੰਨਾ ਹੀ ਨਹੀਂ ਪਿਛਲੇ ਕੁਝ ਦਿਨਾਂ ਤੋਂ ਨਵਜੋਤ ਸਿੱਧੂ ਵੀ ਪਹਿਲਾਂ ਵਾਂਗ ਪਾਰਟੀ ਦੇ ਪ੍ਰਚਾਰ ‘ਚ ਸਰਗਰਮ ਨਜ਼ਰ ਨਹੀਂ ਆ ਰਹੇ ਹਨ।

ਸੀਐਮ ਚਰਨਜੀਤ ਚੰਨੀ ਦੀ ਤਰਫੋਂ ਹਾਲਾਂਕਿ ਵੀਰਵਾਰ ਨੂੰ ਉਨ੍ਹਾਂ ਦੀ ਮੁਹਿੰਮ ਦੇ ਵੇਰਵੇ ਦਿੱਤੇ ਗਏ ਹਨ। ਚਰਨਜੀਤ ਚੰਨੀ ਅੱਜ 9 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ। ਚਰਨਜੀਤ ਚੰਨੀ ਵੱਲੋਂ ਦੱਸਿਆ ਗਿਆ ਹੈ ਕਿ ਉਹ ਦੁਪਹਿਰ 12.45 ਵਜੇ ਅੰਮ੍ਰਿਤਸਰ ਪੂਰਬੀ ਪਹੁੰਚਣਗੇ ਤੇ ਨਵਜੋਤ ਸਿੰਘ ਸਿੱਧੂ ਲਈ ਵੋਟਾਂ ਮੰਗਣਗੇ।
ਅੰਮ੍ਰਿਤਸਰ ਪੂਰਬੀ ਸੀਟ ‘ਤੇ ਨਵਜੋਤ ਸਿੱਧੂ ਨੂੰ ਇਸ ਵਾਰ ਬਹੁਤ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਵਜੋਤ ਸਿੱਧੂ ਦੇ ਸਾਹਮਣੇ ਚੋਣ ਲੜ ਰਹੇ ਹਨ। ਨਵਜੋਤ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਮਜੀਠਾ ਸੀਟ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ।

ਨਵਜੋਤ ਸਿੱਧੂ ਤੇ ਚਰਨਜੀਤ ਚੰਨੀ ਵਿਚਾਲੇ ਵੀ ਸਭ ਕੁਝ ਠੀਕ ਨਹੀਂ ਚੱਲ ਰਿਹਾ। ਨਵਜੋਤ ਸਿੱਧੂ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਮੁੱਖ ਮੰਤਰੀ ਦਾ ਫੈਸਲਾ ਪੰਜਾਬ ਦੇ ਲੋਕ ਕਰਨਗੇ। ਸਿੱਧੂ ਨੇ ਇੱਥੋਂ ਤੱਕ ਕਿਹਾ ਸੀ ਕਿ 60 ਵਿਧਾਇਕ ਜਿੱਤਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸੂਬੇ ਦਾ ਨਵਾਂ ਮੁੱਖ ਮੰਤਰੀ ਕੌਣ ਬਣਦਾ ਹੈ।


Share