ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਲੋਂ ਵੀ ਅਸਤੀਫਾ

423
Share

ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦੇ ਖ਼ਾਸ ਅਤੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਹਿਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਹਿਲ ਨੇ ਪਹਿਲਾਂ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸੂਤਰਾਂ ਮੁਤਾਬਕ ਜਿਸ ਸਮੇਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲੀ ਸੀ, ਤਾਂ ਉਸ ਸਮੇਂ ਉਨ੍ਹਾਂ ਨੇ ਗੁਲਜ਼ਾਰ ਇੰਦਰ ਚਹਿਲ ਨੂੰ ਖਜ਼ਾਨਚੀ ਦਾ ਅਹੁਦਾ ਦਿਵਾਇਆ ਸੀ, ਇਸ ਲਈ ਬਕਾਇਦਾ ਹਾਈਕਮਾਨ ਵਲੋਂ ਚਿੱਠੀ ਵੀ ਜਾਰੀ ਕੀਤੀ ਗਈ ਸੀ। ਹੁਣ ਜਦੋਂ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਤਾਂ ਉਨ੍ਹਾਂ ਦੇ ਖਾਸਮ-ਖਾਸ ਗੁਲਜ਼ਾਰ ਚਹਿਲ ਵੀ ਆਪਣੇ ਅਹੁਦੇ ਤੋਂ ਲਾਂਭੇ ਹੋ ਗਏ ਹਨ।
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਅਚਾਨਕ ਦਿੱਤੇ ਅਸਤੀਫ਼ੇ ਵਿਚ ਨਵਜੋਤ ਸਿੱਧੂ ਨੇ ਪ੍ਰਧਾਨਗੀ ਛੱਡਣ ਦੀ ਗੱਲ ਆਖੀ ਹੈ ਪਰ ਉਨ੍ਹਾਂ ਇਹ ਵੀ ਆਖਿਆ ਹੈ ਕਿ ਉਹ ਪੰਜਾਬ ਕਾਂਗਰਸ ਵਿਚ ਬਣੇ ਰਹਿਣਗੇ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਅਸਤੀਫ਼ੇ ਵਿਚ ਸਿੱਧੂ ਨੇ ਕਿਹਾ ਹੈ ਕਿ ਉਹ ਪੰਜਾਬ ਦੀ ਭਵਿੱਖ ਲਈ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ। ਫਿਲਹਾਲ ਸਿੱਧੂ ਵਲੋਂ ਦਿੱਤੇ ਅਸਤੀਫ਼ੇ ਪਿੱਛੇ ਸਪੱਸ਼ਟ ਕਾਰਨਾਂ ਦਾ ਵੀ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

Share