ਨਵਜੋਤ ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

250
Share

ਚੰਡੀਗੜ੍ਹ, 30 ਸਤੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦਾ ਮਸਲਾ ਅੱਜ ਸ਼ਾਮ ਵਕਤ ਸੁਖਾਵੇਂ ਮਾਹੌਲ ’ਚ ਹੋਈ ਮੀਟਿੰਗ ਨਾਲ ਸੁਲਝ ਗਿਆ ਹੈ। ਰਾਜਸੀ ਸੰਕਟ ’ਚ ਘਿਰੀ ਕਾਂਗਰਸ ਹਾਈਕਮਾਨ ਨੂੰ ਇਸ ਨਾਲ ਵੱਡੀ ਰਾਹਤ ਮਿਲੀ ਹੈ। ਕਰੀਬ ਦੋ ਘੰਟੇ ਚੱਲੀ ਮੀਟਿੰਗ ’ਚ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਤੋਂ ਉੱਠੇ ਵਿਵਾਦ ਨੂੰ ਨਜਿੱਠ ਲਿਆ ਗਿਆ ਹੈ। ਨਵਜੋਤ ਸਿੱਧੂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਉਂਜ, ਹਾਈਕਮਾਨ ਨੇ ਉਨ੍ਹਾਂ ਦਾ ਅਸਤੀਫਾ ਪਹਿਲਾਂ ਹੀ ਨਾਮਨਜ਼ੂਰ ਕਰ ਦਿੱਤਾ ਸੀ। ਨਵਜੋਤ ਸਿੱਧੂ ਨੇ 28 ਸਤੰਬਰ ਨੂੰ ਅਚਨਚੇਤ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।

ਪ੍ਰਾਪਤ ਵੇਰਵਿਆਂ ਅਨੁਸਾਰ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਬਦਲਣ ਦਾ ਫੈਸਲਾ ਮੀਟਿੰਗ ਵਿਚ ਸਿਧਾਂਤਕ ਤੌਰ ’ਤੇ ਹੋ ਗਿਆ ਹੈ। ਨਵੇਂ ਡੀਜੀਪੀ ਲਈ ਤਿੰਨ ਮੈਂਬਰੀ ਪੈਨਲ ਯੂਪੀਐੱਸਸੀ ਨੂੰ ਭੇਜਿਆ ਜਾਵੇਗਾ। ਇਕਬਾਲ ਪ੍ਰੀਤ ਸਿੰਘ ਸਹੋਤਾ ਕੋਲ ਇਸ ਵੇਲੇ ਡੀਜੀਪੀ ਦਾ ਵਾਧੂ ਚਾਰਜ ਸੀ। ਇਸੇ ਤਰ੍ਹਾਂ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਓਲ ਨੂੰ ਵੀ ਤਬਦੀਲ ਕੀਤੇ ਜਾਣ ਦੀ ਸਹਿਮਤੀ ਬਣ ਗਈ ਹੈ। ਹਾਲਾਂਕਿ ਇਸ ਨਿਯੁਕਤੀ ਦਾ ਮਾਮਲਾ ਹਾਈਕਮਾਨ ’ਤੇ ਛੱਡ ਦਿੱਤਾ ਗਿਆ ਹੈ। ਹੁਣ ਹਾਈਕਮਾਨ ਦੀ ਸਲਾਹ ਨਾਲ ਐਡਵੋਕੇਟ ਜਨਰਲ ਲੱਗੇਗਾ। ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦਰਮਿਆਨ ਤਾਲਮੇਲ ਲਈ ਅਤੇ ਭਵਿੱਖੀ ਮਸਲਿਆਂ ਨਾਲ ਨਜਿੱਠਣ ਲਈ ਤਿੰਨ ਮੈਂਬਰੀ ਪੈਨਲ ਬਣੇਗਾ, ਜਿਸ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹਾਈਕਮਾਨ ਵੱਲੋਂ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਸ਼ਾਮਲ ਹੋਣਗੇ। ਅੱਜ ਇੱਥੇ ਪੰਜਾਬ ਭਵਨ ਵਿਚ ਕਰੀਬ 3.30 ਵਜੇ ਮੀਟਿੰਗ ਸ਼ੁਰੂ ਹੋਈ ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੇਂਦਰੀ ਨਿਗਰਾਨ ਹਰੀਸ਼ ਚੌਧਰੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਸ਼ਾਮਲ ਸਨ।


Share