ਨਵਜੋਤ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਨੂੰ ਚਿੱਠੀ ਲਿਖ ਕੇ ਕਿਸਾਨਾਂ ’ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ

370
Share

ਚੰਡੀਗੜ੍ਹ, 13 ਸਤੰਬਰ (ਪੰਜਾਬ ਮੇਲ)-ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ’ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ’ਚ ਸਿੱਧੂ ਨੇ ਕਿਹਾ ਕਿ ਸੂਬੇ ’ਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ’ਚ ਕਿਸਾਨ ਯੂਨੀਅਨਾਂ ’ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ.ਆਈ.ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ.ਐੱਸ.ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ’ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ’ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ ਏਕ ਰਾਸ਼ਟਰ ਅਤੇ ਏ.ਪੀ.ਐੱਮ.ਸੀ. ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ’ਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ’ਤੇ ਦਿ੍ਰੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ’ਤੇ ਸਾਡੇ ਪੰਜਾਬ ’ਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Share