#PUNJAB

ਨਵੰਬਰ 84 ‘ਚ ਕਤਲ ਕੀਤੇ ਸਿੱਖਾਂ ਦੀ ਯਾਦ ‘ਚ ਅਰਦਾਸ

-ਹਰਿਮੰਦਰ ਸਾਹਿਬ ਸਮੂਹ ਵਿਚ ਅਖੰਡ ਪਾਠ ਦਾ ਭੋਗ ਪਾਇਆ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਮੇਲ)- ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ‘ਚ ਹਰਿਮੰਦਰ ਸਾਹਿਬ ਸਮੂਹ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਿੱਖ ਕਤਲੇਆਮ ‘ਚ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਸ ਕਤਲੇਆਮ ਨੂੰ ਕਦੇ ਵੀ ਭੁਲਾ ਨਹੀਂ ਸਕਦੇ। ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ 42 ਸਾਲ ਪਹਿਲਾਂ ਸਮੇਂ ਦੀ ਕਾਂਗਰਸ ਹਕੂਮਤ ਨੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਗੁਰਦੁਆਰਿਆਂ ‘ਤੇ ਹਮਲਾ ਕਰ ਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ। ਇਸੇ ਤਰ੍ਹਾਂ ਨਵੰਬਰ 1984 ‘ਚ ਦਿੱਲੀ, ਕਾਨਪੁਰ, ਬੇਕਾਰੋ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਸਰਕਾਰੀ ਸ਼ਹਿ ‘ਤੇ ਯੋਜਨਾਬੰਦ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਇਹ ਸਿੱਖ ਇਤਿਹਾਸ ਦਾ ਦਰਦਨਾਕ ਸਾਕਾ ਹੈ, ਜਿਸ ਦੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾਵਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਥਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉੱਚ ਅਹੁਦੇ ਦੇ ਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ। ਉਨ੍ਹਾਂ ਕਿਹਾ ਕਿ ਇਸ ਕਾਰੇ ਨੂੰ ਇਤਿਹਾਸ ਸਦਾ ਯਾਦ ਰੱਖੇਗਾ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ‘ਤੇ ਹਮੇਸ਼ਾ ਰਹੇਗਾ।
ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਨਰਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਭੋਮਾ ਸਮੇਤ ਹੋਰ ਸੰਗਤ ਹਾਜ਼ਰ ਸੀ।