ਨਸ਼ਾ ਤਸਕਰੀ ਮਾਮਲਾ: ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ

231
Share

-ਵੀਡੀਓ ਕਾਨਫਰੰਸ ਰਾਹੀਂ ਅਕਾਲੀ ਆਗੂ ਨੇ ਭੁਗਤੀ ਪੇਸ਼ੀ
ਐੱਸ.ਏ.ਐੱਸ. ਨਗਰ (ਮੁਹਾਲੀ), 23 ਮਾਰਚ (ਪੰਜਾਬ ਮੇਲ)- ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ’ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ’ਚ ਹੋਈ। ਅਦਾਲਤ ਨੇ 5 ਅਪ੍ਰੈਲ ਤੱਕ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ ਹੈ।
ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਪੰਜਾਬ ਪੁਲਿਸ ਦੀ ਤਰਫ਼ੋਂ ਅਦਾਲਤ ਵਿਚ ਇਕ ਅਰਜ਼ੀ ਦਾਇਰ ਕਰਕੇ ਅਕਾਲੀ ਆਗੂ ਮਜੀਠੀਆ ਦੀ ਨਿਆਂਇਕ ਹਿਰਾਸਤ ਹੋਰ 14 ਦਿਨ ਲਈ ਵਧਾਉਣ ਦੀ ਮੰਗ ਕੀਤੀ। ਕੇਸ ਦੀ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ, ਐੱਚ.ਐੱਸ. ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਸਨ। ਅਦਾਲਤ ਨੇ ਸਰਕਾਰੀ ਵਕੀਲ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਮਜੀਠੀਆ ਦੀ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ। ਅਕਾਲੀ ਆਗੂ ਬੀਤੀ 24 ਫਰਵਰੀ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਹੈ। ਇੱਥੇ ਇਹ ਦੱਸਣਯੋਗ ਹੈ ਕਿ ਵਿਧਾਨ ਸਭਾ ਤੋਂ ਐਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ਵਿਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਅਦਾਲਤ ਵੱਲੋਂ ਮਜੀਠੀਆ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾ ਚੁੱਕੀ ਹੈ ਪਰ ਹੁਣ ਤੱਕ ਮਜੀਠੀਆ ਨੇ ਕਿਸੇ ਉੱਚ ਅਦਾਲਤ ਵਿਚ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦਿੱਤੀ ਹੈ।

Share