ਨਸ਼ਾ ਤਸਕਰੀ ਮਾਮਲਾ: ਮੁਹਾਲੀ ਅਦਾਲਤ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁੱਢੋਂ ਰੱਦ

196
Share

ਮੁਹਾਲੀ, 24 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਸ਼ਾਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਖ਼ੁਦ ਬਚਾਅ ਪੱਖ ਦੇ ਵਕੀਲ ਡੀ.ਐੱਸ. ਸੋਬਤੀ ਨੇ ਕੀਤੀ ਹੈ। ਨਸ਼ਾ ਤਸਕਰੀ ਮਾਮਲੇ ਵਿਚ ਰਾਹਤ ਲੈਣ ਲਈ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਅਦਾਲਤ ਦਾ ਬੂਹਾ ਖੜਕਾਇਆ ਸੀ। ਅਕਾਲੀ ਆਗੂ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਐੱਚ.ਐੱਸ. ਧਨੋਆ ਰਾਹੀਂ ਅਦਾਲਤ ਵਿਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਸਬੰਧੀ ਬੀਤੇ ਕੱਲ੍ਹ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਜੀਠੀਆ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅੱਜ ਪੇਸ਼ ਕਰਨ ਲਈ ਕਿਹਾ ਸੀ। ਪੰਜਾਬ ਸਰਕਾਰ ਵੱਲੋਂ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਡੀ.ਐੱਸ.ਪੀ. ਰਾਹੀਂ ਅਦਾਲਤ ਵਿਚ ਡਰੱਗ ਕੇਸ ਸਬੰਧੀ ਰਿਕਾਰਡ ਪੇਸ਼ ਕੀਤਾ ਗਿਆ। ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿਚ ਅਕਾਲੀ ਆਗੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿਚ ਜ਼ਬਰਦਸਤ ਬਹਿਸ ਹੋਈ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ, ਜਦੋਂਕਿ ਇਸ ਮਾਮਲੇ ਵਿਚ ਕੋਈ ਸ਼ਿਕਾਇਤਕਰਤਾ ਵੀ ਨਹੀਂ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸਿਰੇ ਤੋਂ ਖਾਰਜ ਕਰ ਦਿੱਤੀ ਗਈ।

Share