ਨਸ਼ਾ ਤਸਕਰੀ ਮਾਮਲਾ: ਹਾਈ ਕੋਰਟ ਵੱਲੋਂ ਮਜੀਠੀਆ ਦੀ ਗਿ੍ਰਫ਼ਤਾਰੀ ’ਤੇ ਰੋਕ!

106
Share

– ਅਗਾਊਂ ਜ਼ਮਾਨਤ ਦੀ ਅਰਜ਼ੀ ਹਾਈਕੋਰਟ ਵੱਲੋਂ ਕੀਤੀ ਗਈ ਸੀ ਰੱਦ
– ਮੁਹਾਲੀ ਪੁਲਿਸ ਵੱਲੋਂ ਮਜੀਠੀਆ ਦੀ ਰਿਹਾਇਸ਼ ’ਤੇ ਛਾਪਾ
ਐੱਸ.ਏ.ਐੱਸ. ਨਗਰ (ਮੁਹਾਲੀ), 26 ਜਨਵਰੀ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਤਿੰਨ ਦਿਨਾਂ ਲਈ ਉਸ ਦੀ ਗਿ੍ਰਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਉੱਚ ਅਦਾਲਤ ਨੇ ਅਕਾਲੀ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਸਬੰਧੀ ਮਜੀਠੀਆ ਵੱਲੋਂ ਆਪਣੇ ਵਕੀਲਾਂ ਰਾਹੀਂ ਹਾਈ ਕੋਰਟ ਵਿਚ ਨਵੇਂ ਸਿਰਿਓਂ ਪਟੀਸ਼ਨ ਦਾਇਰ ਕਰ ਕੇ ਫ਼ਰਿਆਦ ਕੀਤੀ ਗਈ ਸੀ ਕਿ ਹਾਈ ਕੋਰਟ ਦੇ ਤਾਜ਼ੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਲਈ ਸੱਤ ਦਿਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਤਿੰਨ ਦਿਨ ਦੀ ਮੋਹਲਤ ਦਿੱਤੀ ਜਾਵੇ।
ਹਾਈ ਕੋਰਟ ਨੇ ਅਕਾਲੀ ਆਗੂ ਪ੍ਰਤੀ ਨਰਮ ਰੁਖ਼ ਅਖ਼ਤਿਆਰ ਕਰਦਿਆਂ ਤਿੰਨ ਦਿਨਾਂ ਲਈ ਉਸ ਦੀ ਗਿ੍ਰਫ਼ਤਾਰੀ ’ਤੇ ਰੋਕ ਲਾਉਂਦਿਆਂ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਵਿੰਗ ਨੂੰ ਹਦਾਇਤ ਕੀਤੀ ਕਿ ਇਸ ਦੌਰਾਨ ਮਜੀਠੀਆ ਨੂੰ ਗਿ੍ਰਫ਼ਤਾਰ ਨਾ ਕੀਤਾ ਜਾਵੇ। ਹਾਈ ਕੋਰਟ ਵੱਲੋਂ ਦਿੱਤੀ ਤਿੰਨ ਦਿਨਾਂ ਦੀ ਮੋਹਲਤ ਵੀਰਵਾਰ 27 ਜਨਵਰੀ, ਦੁਪਹਿਰ 12 ਵਜੇ ਤੋਂ ਪਹਿਲਾਂ (ਸਵੇਰੇ 11:59 ਵਜੇ ਤੱਕ) ਖ਼ਤਮ ਹੋ ਜਾਵੇਗੀ। ਇਸ ਸਮੇਂ ਤੱਕ ਮਜੀਠੀਆ ਨੂੰ ਇਹ ਦੋਵੇਂ ਅਹਿਮ ਕੰਮ ਮੁਕੰਮਲ ਕਰਨੇ ਹੋਣਗੇ।

Share