#PUNJAB

ਨਸ਼ਿਆਂ ਦੇ ਮੁੱਦੇ ‘ਤੇ Governor ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੁੜ ਘੇਰਿਆ

ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)-ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਪਾਸਾਰ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਪੰਜਾਬ ਸਰਕਾਰ ਨੂੰ ਮੁੜ ਘੇਰਿਆ। ਉਨ੍ਹਾਂ ਚੰਡੀਗੜ੍ਹ ਦੇ ਯੂ.ਟੀ. ਸਕੱਤਰੇਤ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਮੁੱਦੇ ਬਾਰੇ ਚਿੰਤਤ ਹਨ। ਇਸੇ ਕਰਕੇ ਉਹ ਸਰਹੱਦੀ ਖੇਤਰ ਦਾ ਦੌਰਾ ਕਰਕੇ ਆਏ ਸਨ ਤੇ ਸੂਬਾ ਸਰਕਾਰ ਨੂੰ ਕਾਰਵਾਈ ਦੀ ਸਲਾਹ ਦਿੱਤੀ ਸੀ ਪਰ ਸਰਕਾਰ ਮੰਨਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਬੀ.ਐੱਸ.ਐੱਫ. ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਨਸ਼ਿਆਂ ਦੇ ਕਾਰੋਬਾਰ ‘ਚ ਸ਼ਾਮਲ 75 ਜਣਿਆਂ ਦੀ ਸੂਚੀ ਸਰਕਾਰ ਨੂੰ ਸੌਂਪ ਦਿੱਤੀ ਹੈ, ਤਾਂ ਸਰਕਾਰ ਵੱਲੋਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਤੇ ਮੇਰੀ ਨਹੀਂ ਤਾਂ ਹਾਈ ਕੋਰਟ ਦੇ ਆਦੇਸ਼ਾਂ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਦੌਰੇ ਦੌਰਾਨ ਸਰਹੱਦੀ ਖੇਤਰ ਦੇ 6 ਜ਼ਿਲ੍ਹਿਆਂ ਵਿਚ ਨਾਗਰਿਕ ਸੁਰੱਖਿਆ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਹਨ। ਸਾਰੇ ਜ਼ਿਲ੍ਹਿਆਂ ‘ਚ ਕਮੇਟੀਆਂ ਬਣ ਚੁੱਕੀਆਂ ਹਨ, ਜੋ ਕੰਮ ਵੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਸੂਬੇ ਵਿਚ ਨਸ਼ਿਆਂ ਦਾ ਪਾਸਾਰ ਵਧ ਰਿਹਾ ਹੈ, ਇਸ ਦੇ ਮੱਦੇਨਜ਼ਰ ‘ਨਾਗਰਿਕ ਸੁਰੱਖਿਆ ਕਮੇਟੀਆਂ’ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਬਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਕਹਿਣਾ ਪੈ ਰਿਹਾ ਹੈ ਕਿ ਜਦੋਂ ਤੁਹਾਨੂੰ 75 ਨਸ਼ਾ ਤਸਕਰਾਂ ਦੀ ਸੂਚੀ ਦੇ ਦਿੱਤੀ ਗਈ ਹੈ, ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।