#PUNJAB

ਨਾਂਦੇੜ ‘ਚ ਸਿੱਖਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਵੱਡਾ Protest

ਅੰਮ੍ਰਿਤਸਰ, 9 ਫਰਵਰੀ (ਪੰਜਾਬ ਮੇਲ)- ਮਹਾਰਾਸ਼ਟਰ ਦੀ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਵਿਚ ਕੀਤੀ ਗਈ ਸੋਧ ਖ਼ਿਲਾਫ਼ ਅੱਜ ਨਾਂਦੇੜ ਵਿਖੇ ਸਿੱਖਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਵੱਡਾ ਰੋਸ ਵਿਖਾਵਾ ਕੀਤਾ ਗਿਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤ ਸਾਹਿਬਾਨ ਵੱਲੋਂ ਵੀ ਪ੍ਰਤੀਨਿਧਤਾ ਕੀਤੀ ਗਈ। ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਇਸ ਐਕਟ ਵਿਚ ਸੋਧ ਕਰਦਿਆਂ ਸਰਕਾਰੀ ਮੈਂਬਰਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਗਿਆ ਅਤੇ ਸਿੱਖ ਜਥੇਬੰਦੀਆਂ ਦੀ ਪ੍ਰਤੀਨਿਤਾ ਘੱਟ ਕਰ ਦਿੱਤੀ ਗਈ, ਜਿਸ ਦਾ ਸਿੱਖ ਭਾਈਚਾਰੇ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲ ਤਖਤ, ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਇਸ ਨੂੰ ਸਿੱਖ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਾਰ ਦਿੱਤਾ ਹੈ।
ਸਰਕਾਰ ਦੀ ਇਸ ਇੱਕਪਾਸੜ ਕਾਰਵਾਈ ਖਿਲਾਫ ਅੱਜ ਤਖਤ ਹਜ਼ੂਰ ਸਾਹਿਬ ਵੱਲੋਂ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਿੱਖ ਵਫ਼ਦ ਹਜ਼ੂਰ ਸਾਹਿਬ ਪੁੱਜਾ ਅਤੇ ਵਿਖਾਵੇ ਵਿਚ ਸ਼ਮੂਲੀਅਤ ਕੀਤੀ।