ਨਾਮਧਾਰੀ ਸੰਸਥਾ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਰੱਖੀ ਮੰਗ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਮੇਲ)- ਨਾਮਧਾਰੀ ਸੰਸਥਾ ਦੇ ਮੁਖੀ ਠਾਕੁਰ ਦਲੀਪ ਸਿੰਘ ਵੱਲੋਂ ਭੇਜੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਸਮੇਂ ਵਫਦ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਦੀ ਉਪਾਧੀ ਦੇਣ ਦੀ ਲਿਖਤੀ ਤੌਰ ‘ਤੇ ਮੰਗ ਕੀਤੀ। ਸੂਬਾ ਅਮਰੀਕ ਸਿੰਘ ਦੀ ਅਗਵਾਈ ਵਿਚ ਆਏ ਵਫਦ ਨੇ ਕਿਹਾ ਕਿ ਸਿੰਘ ਸਾਹਿਬ ਨੇ ਉਨ੍ਹਾਂ ਦਾ ਮੰਗ-ਪੱਤਰ ਸਵੀਕਾਰ ਕਰਦਿਆਂ ਇਸ ‘ਤੇ ਵਿਚਾਰ ਕਰਨ ਦੀ ਗੱਲ ਕੀਤੀ ਹੈ।
ਸੂਬਾ ਅਮਰੀਕ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਡਾ. ਮਨਮੋਹਨ ਸਿੰਘ ਨੇ ਸਿੱਖ ਕੌਮ ਲਈ ਸ਼ਲਾਘਾਯੋਗ ਕੰਮ ਕੀਤੇ ਹਨ, ਜਿਸ ਨਾਲ ਵਿਸ਼ਵ ਭਰ ਦੇ ਸਿੱਖਾਂ ਦਾ ਮਾਣ ਵਧਿਆ ਹੈ। ਉਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਦੇ ਨਾਲ-ਨਾਲ ਰੱਖਿਆ ਮੰਤਰੀ, ਮੰਤਰੀ, ਯੋਜਨਾ ਕਮਿਸ਼ਨਰ ਦੇ ਡਿਪਟੀ ਚੇਅਰਮੈਨ ਸਿੱਖ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਕਈ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਉੱਚ ਅਹੁਦਿਆਂ ‘ਤੇ ਰਹੀਆਂ। 1984 ਦੇ ਦੁਖਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਵੀ ਕਈ ਕੇਸਾਧਾਰੀ ਸਿੱਖਾਂ ਨੂੰ ਉੱਚ ਅਹੁਦਿਆਂ ‘ਤੇ ਨਿਯੁਕਤ ਕਰਕੇ ਸਿੱਖ ਕੌਮ ਦਾ ਮਾਣ ਵਧਾਇਆ ਗਿਆ, ਜਿਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਸਨਮਾਨ ਲਈ ਡਾ. ਮਨਮੋਹਨ ਸਿੰਘ ਪੂਰੀ ਤਰ੍ਹਾਂ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਕੋਈ ਫਰਕ ਨਹੀਂ ਪੈਂਦਾ ਕਿ ਡਾ. ਮਨਮੋਹਨ ਸਿੰਘ ਕਾਂਗਰਸ ਪਾਰਟੀ ਨਾਲ ਸਬੰਧਤ ਹਨ ਅਤੇ ਇਸ ਕਰਕੇ ਉਹ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲਣ ਵਾਲੇ ਸਨਮਾਨ ਦੇ ਹੱਕਦਾਰ ਨਹੀਂ।
ਡਾ. ਮਨਮੋਹਨ ਸਿੰਘ ਪਹਿਲੇ ਪ੍ਰਧਾਨ ਮੰਤਰੀ ਸਨ, ਜਿਨ੍ਹਾਂ ਨੇ ਲੋਕ ਸਭਾ ਵਿਚ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਬਲੂ ਸਟਾਰ ਆਪ੍ਰੇਸ਼ਨ ਅਤੇ ਦਿੱਲੀ ਦੰਗਿਆਂ ਲਈ ਜਨਤਕ ਤੌਰ ‘ਤੇ ਮੁਆਫੀ ਮੰਗੀ ਸੀ। ਕਾਂਗਰਸ ਪਾਰਟੀ ਵਿਚ ਰਹਿੰਦਿਆਂ ਮੁਆਫੀ ਮੰਗਣਾ ਕਾਂਗਰਸ ਦੇ ਖਿਲਾਫ ਜਾਣ ਦੇ ਬਰਾਬਰ ਸੀ।