#PUNJAB

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲਾ: ਜਾਂਚ ਲਈ ਪੰਜਾਬ Police ਵੱਲੋਂ ਚਾਰ ਮੈਂਬਰੀ SIT ਦਾ ਗਠਨ

– ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ
ਚੰਡੀਗੜ੍ਹ, 30 ਦਸੰਬਰ (ਪੰਜਾਬ ਮੇਲ)- ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐੱਲ.ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ।
ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿਚ ਏ.ਸੀ.ਪੀ. ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀ.ਐੱਸ.ਪੀ. ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।
ਐੱਸ.ਆਈ.ਟੀ. ਨੂੰ ਜਲਦ ਤੋਂ ਜਲਦ ਅੰਤਿਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿਚ ਸਹਾਇਤਾ ਲਈ ਐੱਸ.ਆਈ.ਟੀ. ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ, ਜਿਸ ਵਿਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।