ਚੰਡੀਗੜ੍ਹ, 25 ਮਈ (ਪੰਜਾਬ ਮੇਲ)- ਪੰਜਾਬ ‘ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ ਧਾਂਧਲੀ, ਦਬਾਅ, ਨਾਮਜ਼ਦਗੀਆਂ ਰੱਦ ਕਰਨ ਅਤੇ ਪੁਲਿਸ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨਾਲ ਕਥਿਤ ਦੁਰਵਿਵਹਾਰ ਦੇ ਦੋਸ਼ ਲਗਾਤਾਰ ਸਾਹਮਣੇ ਆ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਸਰਕਾਰੀ ਮਸ਼ੀਨਰੀ ਦਾ ਇਸਤੇਮਾਲ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨਾਂ ਵਿਚ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਵੀ ਹੋਏ। ਫਰੀਦਕੋਟ ਵਿਚ ਅਕਾਲੀ ਦਲ ਦੇ ਵਰਕਰਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਤਣਾਅ ਬਣਿਆ ਰਿਹਾ।
ਬਠਿੰਡਾ ਵਿਚ ਬੀ.ਜੇ.ਪੀ. ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹੇ ਤੌਰ ‘ਤੇ ਕਿਹਾ ਕਿ ਉਹ ਖੁਦ ਚੋਣਾਂ ਵਾਲੇ ਦਿਨ ਬਠਿੰਡਾ ਵਿਚ ਰਹਿ ਕੇ ਨਿਗਰਾਨੀ ਕਰਨਗੇ ਅਤੇ ਜੇਕਰ ਧਾਂਦਲੀ ਹੋਈ ਤਾਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਭੇਜਣਗੇ। ਉਨ੍ਹਾਂ ਨੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ”ਗੈਰਕਾਨੂੰਨੀ ਹੁਕਮ” ਨਾ ਮੰਨਣ ਦੀ ਵੀ ਚੇਤਾਵਨੀ ਦਿੱਤੀ।
ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਇੱਕ ਡੀ.ਐੱਸ.ਪੀ. ਖ਼ਿਲਾਫ਼ ਰਾਜ ਚੋਣ ਕਮਿਸ਼ਨ ਅਤੇ ਡੀ.ਜੀ.ਪੀ. ਨੂੰ ਸ਼ਿਕਾਇਤ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਨਾਮਜ਼ਦਗੀਆਂ ਦੀ ਜਾਂਚ ਦੌਰਾਨ ਪੁਲਿਸ ਅਧਿਕਾਰੀ ਨੇ ਉਨ੍ਹਾਂ ਅਤੇ ਮਹਿਲਾ ਵਰਕਰਾਂ ਨਾਲ ਧੱਕੇਸ਼ਾਹੀ ਅਤੇ ਦਬਾਅ ਵਾਲਾ ਵਤੀਰਾ ਕੀਤਾ। ਹਾਲਾਂਕਿ ਡੀ.ਐੱਸ.ਪੀ. ਨੇ ਇਹ ਸਾਰੇ ਦੋਸ਼ ਰੱਦ ਕਰ ਦਿੱਤੇ ਹਨ।
ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਰਾਜ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਸ਼ੁਤਰਾਣਾ ਦੇ ਇੱਕ ‘ਆਪ’ ਵਿਧਾਇਕ ‘ਤੇ ਵੋਟਰਾਂ ਨੂੰ ਡਰਾਉਣ ਅਤੇ ਬੂਥਾਂ ‘ਤੇ ਦਬਾਅ ਬਣਾਉਣ ਦੇ ਦੋਸ਼ ਲਗਾਏ ਹਨ। ਬਾਜਵਾ ਨੇ ਮੰਗ ਕੀਤੀ ਕਿ ਸੰਵੇਦਨਸ਼ੀਲ ਬੂਥਾਂ ‘ਤੇ ਵਾਧੂ ਪੁਲਿਸ ਫੋਰਸ ਅਤੇ ਸੁਤੰਤਰ ਨਿਗਰਾਨ ਤਾਇਨਾਤ ਕੀਤੇ ਜਾਣ।
ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਇਹ ਸਾਰੇ ਦੋਸ਼ ਸਿਆਸੀ ਕਰਾਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵਿਰੋਧੀ ਧਿਰ ਆਪਣੀ ਹਾਰ ਦੇ ਡਰ ਕਰਕੇ ਪਹਿਲਾਂ ਹੀ ਇਲਜ਼ਾਮ ਲਗਾ ਰਹੀ ਹੈ।
ਇਸ ਵਾਰੀ ਚੋਣਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ। ਇਸ ਕਰਕੇ ਹਰ ਪਾਰਟੀ ਆਪਣੀ ਸਿਆਸੀ ਤਾਕਤ ਦਿਖਾਉਣ ਵਿਚ ਲੱਗੀ ਹੋਈ ਹੈ ਅਤੇ ਪੰਜਾਬ ਦਾ ਰਾਜਨੀਤਿਕ ਮਾਹੌਲ ਪੂਰੀ ਤਰ੍ਹਾਂ ਚੋਣ ਰੰਗ ਵਿਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ।
ਨਿਗਮ ਚੋਣਾਂ : ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ‘ਆਪ’ ਸਰਕਾਰ ‘ਤੇ ਚੋਣਾਂ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਦੇ ਦੋਸ਼

