#PUNJAB

ਨਿਗਮ ਚੋਣਾਂ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ Notice

-ਇਕ ਹਫ਼ਤੇ ਵਿਚ ਚੋਣਾਂ ਦੇ ਵੇਰਵੇ ਦੇਣ ਦੇ ਹੁਕਮ ਜਾਰੀ
-ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਨਿਗਮਾਂ ‘ਚ ਹੋਣੀਆਂ ਨੇ ਚੋਣਾਂ
ਚੰਡੀਗੜ੍ਹ, 9 ਜਨਵਰੀ (ਪੰਜਾਬ ਮੇਲ)-ਪੰਜਾਬ ਦੀਆਂ ਪੰਜ ਨਗਰ ਨਿਗਮ ਚੋਣਾਂ ਵਿਚ ਹੋ ਰਹੀ ਦੇਰੀ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਖ਼ਤ ਹੋ ਗਈ ਹੈ। ਇਸ ਸਬੰਧੀ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਕ ਹਫ਼ਤੇ ਵਿਚ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਤੇ ਜਸਟਿਸ ਨਿਧੀ ਗੁਪਤਾ ਦੇ ਬੈਂਚ ਨੇ ਜਾਰੀ ਕੀਤੇ ਹਨ।
ਦੱਸਣਯੋਗ ਹੈ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਦਾ ਕਾਰਜਕਾਲ ਖਤਮ ਹੋਏ ਨੂੰ ਇਕ ਸਾਲ ਬੀਤ ਚੁੱਕਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਵਸਨੀਕ ਪ੍ਰਬੋਧ ਚੰਦਰ ਬਾਲੀ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋਏ ਨੂੰ ਕਾਫੀ ਸਮਾਂ ਬੀਤ ਚੁੱਕਿਆ ਹੈ ਅਤੇ ਸੂਬਾ ਸਰਕਾਰ ਚੋਣ ਨਹੀਂ ਕਰਵਾ ਰਹੀ ਹੈ। ਉਸ ਨੇ ਅਦਾਲਤ ਤੋਂ ਨਿਗਮ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਅਦਾਲਤ ਨੇ ਉਕਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹੀ ਸੂਬਾ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਇਕ ਹਫ਼ਤੇ ਵਿਚ ਚੋਣਾਂ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬੇ ਵਿਚ ਪੰਚਾਇਤੀ ਚੋਣਾਂ ਨਾ ਕਰਵਾਉਣ ਸਬੰਧੀ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ‘ਤੇ ਸਖ਼ਤੀ ਕੀਤੀ ਸੀ। ਮਾਣਯੋਗ ਅਦਾਲਤ ਨੇ ਉਸ ਸਮੇਂ ਵੀ ਪੰਚਾਇਤੀ ਚੋਣਾਂ ਜਲਦੀ ਕਰਵਾਉਣ ਦੇ ਹੁਕਮ ਦਿੱਤੇ ਸਨ।