#PUNJAB

ਨਿਗਮ ਦਫ਼ਤਰ ‘ਚ ਤਾਲਾ ਲਾਉਣ ਦਾ ਮਾਮਲਾ; ਰਵਨੀਤ ਬਿੱਟੂ ਤੇ ਆਸ਼ੂ ਸਣੇ ਚਾਰ ਕਾਂਗਰਸੀ ਆਗੂ ਨਾਭਾ Jail ਭੇਜੇ

ਕਾਂਗਰਸੀ ਆਗੂਆਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਪੁੱਜ ਕੇ ਦਿੱਤੀ ਗ੍ਰਿਫ਼ਤਾਰੀ
ਲੁਧਿਆਣਾ, 6 ਮਾਰਚ (ਪੰਜਾਬ ਮੇਲ)- ਨਗਰ ਨਿਗਮ ਮੁੱਖ ਦਫ਼ਤਰ ਜ਼ੋਨ-ਏ ਨੂੰ ਤਾਲਾ ਲਾਉਣ ਦੇ ਮਾਮਲੇ ਵਿਚ ਨਾਮਜ਼ਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੈ ਤਲਵਾੜ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਗ੍ਰਿਫ਼ਤਾਰੀ ਦੇਣ ਆਏ ਕਾਂਗਰਸੀ ਆਗੂਆਂ ਦੇ ਸਮਰਥਕਾਂ ਨੇ ਇਥੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਪੁਲਿਸ ਵੱਲੋਂ ਮੁੱਖ ਗੇਟ ਦੇ ਬਾਹਰ ਕੀਤੀ ਗਈ ਬੈਰੀਕੇਟਿੰਗ ਨੂੰ ਹਟਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਕਰੀਬ ਅੱਧਾ ਘੰਟਾ ਚੱਲੀ ਇਸ ਧੱਕਾਮੁੱਕੀ ਮਗਰੋਂ ਪੁਲਿਸ ਨੇ ਨਾਮਜ਼ਦ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜਸਟਿਸ ਤਾਨਿਸ਼ ਗੋਇਲ ਦੀ ਅਦਾਲਤ ‘ਚ ਪੇਸ਼ ਕੀਤਾ, ਜਿਥੇ ਆਗੂਆਂ ਦੇ ਵਕੀਲਾਂ ਨੇ ਜ਼ਮਾਨਤ ਅਰਜ਼ੀ ਦਾਇਰ ਕੀਤੀ। ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਸੁਣਾਉਣ ਦੀ ਗੱਲ ਆਖ ਕੇ ਚਾਰੇ ਆਗੂਆਂ ਨੂੰ ਨਾਭਾ ਜੇਲ੍ਹ ਭੇਜ ਦਿੱਤਾ।

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਲੁਧਿਆਣਾ ‘ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਹੋਏ।

ਜ਼ਿਕਰਯੋਗ ਹੈ ਕਿ ਕਰੀਬ 10 ਦਿਨ ਪਹਿਲਾਂ ਨਗਰ ਨਿਗਮ ਦੇ ਮੁੱਖ ਦਫ਼ਤਰ ਨੂੰ ਤਾਲਾ ਲਾਉਣ ਦੇ ਦੋਸ਼ ਹੇਠ ਪੁਲਿਸ ਨੇ ਥਾਣਾ ਕੋਤਵਾਲੀ ਵਿਚ ਉਕਤ ਆਗੂਆਂ ਸਣੇ 60 ਦੇ ਕਰੀਬ ਕਾਂਗਰਸੀ ਵਰਕਰਾਂ ‘ਤੇ ਕੇਸ ਦਰਜ ਕੀਤਾ ਸੀ। ਇਸ ਤੋਂ ਇਲਾਵਾ ਚਾਰ ਦਿਨ ਪਹਿਲਾਂ ਉਕਤ ਨਾਮਜ਼ਦ ਆਗੂਆਂ ਨੇ ਗ੍ਰਿਫ਼ਤਾਰੀ ਦੇਣ ਦਾ ਐਲਾਨ ਕੀਤਾ ਸੀ। ਜ਼ਿਲ੍ਹਾ ਕਾਂਗਰਸ ਵੱਲੋਂ ਸਵੇਰ ਤੋਂ ਹੀ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਇਕੱਠ ਕੀਤਾ ਗਿਆ ਸੀ, ਜਿਸ ਤਹਿਤ ਸੈਂਕੜੇ ਵਰਕਰ ਦਫ਼ਤਰ ਦੇ ਬਾਹਰ ਇਕੱਤਰ ਹੋਏ। ਇਸ ਸਬੰਧ ਵਿਚ ਪੁਲਿਸ ਵੱਲੋਂ ਪੂਰੀ ਤਿਆਰੀ ਕੀਤੀ ਗਈ ਸੀ। ਇਸ ਮਗਰੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਪੁਲਿਸ ਕਮਿਸ਼ਨਰ ਦਫ਼ਤਰ ਵੱਲ ਵਧਣਾ ਸ਼ੁਰੂ ਕੀਤਾ ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ।
ਕਾਂਗਰਸੀ ਆਗੂ ਪੁਲਿਸ ਕਮਿਸ਼ਨਰ ਦਫ਼ਤਰ ਦੇ ਅੰਦਰ ਜਾ ਕੇ ਗ੍ਰਿਫ਼ਤਾਰੀ ਦੇਣਾ ਚਾਹੁੰਦੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ। ਇਸ ਮਗਰੋਂ ਪੁਲਿਸ ਅਧਿਕਾਰੀ ਸੰਸਦ ਮੈਂਬਰ ਬਿੱਟੂ ਨੂੰ ਬੱਸ ‘ਚ ਬਿਠਾ ਕੇ ਲੈ ਗਏ, ਜਦਕਿ ਸਾਬਕਾ ਮੰਤਰੀ ਆਸ਼ੂ, ਸੰਜੈ ਤਲਵਾੜ ਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਪੁਲਿਸ ਗੱਡੀ ‘ਚ ਬਿਠਾ ਕੇ ਸਿੱਧਾ ਅਦਾਲਤ ‘ਚ ਲਿਜਾਇਆ ਗਿਆ।
ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਧਾਨ ਸਭਾ ‘ਚ ਮੁੱਖ ਮੰਤਰੀ ਵਿਰੋਧੀ ਧਿਰ ਨੂੰ ਦਬਕੇ ਮਾਰ ਰਹੇ ਹਨ ਅਤੇ ਬਾਹਰ ਪੂਰਾ ਪ੍ਰਸ਼ਾਸਨ ਸਰਕਾਰ ਨੇ ਲਗਾ ਰੱਖਿਆ ਹੈ ਕਿ ਸਰਕਾਰ ਖ਼ਿਲਾਫ਼ ਉਠਣ ਵਾਲੀ ਹਰ ਆਵਾਜ਼ ਨੂੰ ਦਬਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਖਿਲਾਫ਼ ਆਵਾਜ਼ ਚੁੱਕਣ ਵਾਲੇ ਨੂੰ ਕੇਸ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਜਾਂਦਾ ਹੈ।
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇ ਨਿਗਮ ਦਫ਼ਤਰ ਦੇ ਗੇਟ ਨੂੰ ਤਾਲਾ ਲਾਉਣ ਲਈ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ‘ਤੇ ਕੇਸ ਦਰਜ ਕੀਤਾ ਜਾ ਸਕਦਾ ਹੈ, ਤਾਂ ਸਾਰਿਆਂ ‘ਤੇ ਇਹ ਕਾਨੂੰਨ ਲਾਗੂ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੋਂ ਇਸ ‘ਤੇ ਤਾਲਾ ਲਾਉਣ ਦੀ ਮੰਗ ਕੀਤੀ ਸੀ। ਇੱਥੋਂ ਤੱਕ ਕਿ ਤਾਲਾ ਲੈ ਕੇ ਖੁਦ ਮੁੱਖ ਮੰਤਰੀ ਪੁੱਜੇ ਸਨ, ਜੋ ਕਿ ਪੂਰੀ ਤਰ੍ਹਾਂ ਸੰਵਿਧਾਨ ਦੀ ਉਲੰਘਣਾ ਹੈ। ਇਸ ਲਈ ਮੁੱਖ ਮੰਤਰੀ ਖ਼ਿਲਾਫ਼ ਵੀ ਕੇਸ ਦਰਜ ਹੋਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕਰਦੇ ਹੋਏ ਉਹ ਮੁੜ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਾਉਣਗੇ।