ਵਾਸ਼ਿੰਗਟਨ, 26 ਸਤੰਬਰ (ਪੰਜਾਬ ਮੇਲ)- ਅਮਰੀਕਾ ਨੇ ਕਿਹਾ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਦੀ ਜਾਂਚ ਅੱਗੇ ਵਧਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਕੈਨੇਡਾ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤੀ ਅਧਿਕਾਰੀਆਂ ਦਾ ਹੱਥ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਬਹੁਤ ਚਿੰਤਤ ਹਾਂ। ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਜ਼ਦੀਕੀ ਸੰਪਰਕ ਵਿਚ ਹਾਂ।’ ਮਿਲਰ ਨੇ ਸਵਾਲ ਦੇ ਜਵਾਬ ਵਿਚ ਕਿਹਾ, ‘ਮੇਰਾ ਮੰਨਣਾ ਹੈ ਕਿ ਕੈਨੇਡਾ ਦੀ ਜਾਂਚ ਨੂੰ ਅੱਗੇ ਵਧਾਉਣਾ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣਾ ਮਹੱਤਵਪੂਰਨ ਹੈ। ਅਸੀਂ ਜਨਤਕ ਅਤੇ ਨਿੱਜੀ ਤੌਰ ‘ਤੇ ਭਾਰਤ ਸਰਕਾਰ ਨੂੰ ਕੈਨੇਡਾ ਦੀ ਜਾਂਚ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।’