ਚੰਡੀਗੜ੍ਹ, 15 ਸਤੰਬਰ (ਪੰਜਾਬ ਮੇਲ)- ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ 31 ਜੁਲਾਈ ਨੂੰ ਨੂਹ ਹਿੰਸਾ ਮਾਮਲੇ ’ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਦੋ ਦਿਨ ਲਈ ਇਲਾਕੇ ਵਿੱਚ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਠੱਪ ਕਰ ਕੇ ਦਫ਼ਾ 144 ਲਗਾ ਦਿੱਤੀ ਹੈ। ਫ਼ਿਰੋਜ਼ਪੁਰ ਝਿਰਕਾ ਤੋਂ ਵਿਧਾਇਕ ਖ਼ਾਨ ਫ਼ਿਰਕੂ ਝੜਪਾਂ ਤੋਂ ਬਾਅਦ ਦਰਜ ਐੱਫਆਈਆਰ ਵਿੱਚ ਮੁਲਜ਼ਮ ਸੀ। ਉਸ ਨੂੰ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ। ਫ਼ਿਰੋਜ਼ਪੁਰ ਝਿਰਕਾ ਦੇ ਡੀਐੱਸਪੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ (ਵਿਸ਼ੇਸ਼ ਜਾਂਚ ਟੀਮ) ਦੇ ਮੁਖੀ ਸਤੀਸ਼ ਕੁਮਾਰ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਨੂਹ ਤੋਂ ਸੀਨੀਅਰ ਕਾਂਗਰਸੀ ਵਿਧਾਇਕ ਆਫਤਾਬ ਅਹਿਮਦ ਨੇ ਵੀ ਖਾਨ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਹਰਿਆਣਾ ਵਿਧਾਨ ਸਭਾ ‘ਚ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਨੇ ਕਿਹਾ,‘ਪੁਲੀਸ ਨੇ ਸਾਨੂੰ ਸੂਚਿਤ ਕੀਤਾ ਹੈ ਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।’ ਨੂਹ ‘ਚ ਅਦਾਲਤ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਜਿਥੇ ਖਾਨ ਨੂੰ ਦਿਨ ਵੇਲੇ ਪੇਸ਼ ਕੀਤਾ ਜਾ ਰਿਹਾ ਹੈ।