ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਪੰਜਾਬ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ

726
Share

-ਕਰੋਨਾ ਦੇ ਗੰਭੀਰ ਮਰੀਜ਼ਾਂ ਦਾ ਕੀਤਾ ਜਾਵੇਗਾ ਇਲਾਜ
ਪਟਿਆਲਾ, 21 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਕੋਵਿਡ-19 ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭੇ ਮਿਸ਼ਨ ਫ਼ਤਿਹ ਤਹਿਤ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸੂਬੇ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ ਕੀਤਾ ਹੈ। ਇਥੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦਾ ਇਲਾਜ ਪਲਾਜ਼ਮਾਥਰੈਪੀ ਨਾਲ ਕੀਤਾ ਜਾਵੇਗਾ। ਪਟਿਆਲਾ ਤੋਂ ਲੋਕ ਸਭਾ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਅਤੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਪੰਜਾਬ ਦੇ ਇਸ ਪਲੇਠੇ ਪਲਾਜ਼ਮਾ ਬੈਂਕ ਨੂੰ ਆਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ, ਮੈਡੀਸਨ ਵਿਭਾਗ ਦੇ ਮੁਖੀ ਡਾ. ਆਰ.ਪੀ.ਐੱਸ. ਸਿਬੀਆ, ਪਲਾਜ਼ਮਾ ਬੈਂਕ ਦੇ ਨੋਡਲ ਅਫ਼ਸਰ ਡਾ. ਰਜਨੀ ਬਸੀ ਮੌਜੂਦ ਸਨ। ਵੀਡੀਓ ਕਾਨਫਰੰਸਿੰਗ ਰਾਹੀਂ ਸ਼੍ਰੀਮਤੀ ਪਰਨੀਤ ਕੌਰ ਨੇ ਕੋਵਿਡ-19 ਦੀ ਜੰਗ ਜਿੱਤ ਚੁੱਕੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਮਰੀਜਾਂ ਨੂੰ ਵੀ ਇਹ ਜੰਗ ਜਿੱਤਣ ‘ਚ ਮਦਦ ਕਰਨ ਲਈ ਆਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ।
ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦਾ ਟਾਕਰਾ ਕਰਨ ਲਈ ਪੰਜਾਬ ‘ਚ ਸਥਾਪਤ ਹੋਇਆ ਪਹਿਲਾ ਪਲਾਜ਼ਮਾ ਬੈਂਕ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਸੂਬੇ ‘ਚ ਵੱਖ-ਵੱਖ ਸਫਲਤਾਪੂਰਵਕ ਟ੍ਰਾਇਲ ਕੀਤੇ ਗਏ ਸਨ, ਜਿਨ੍ਹਾਂ ਕਰਕੇ ਪਲਾਜ਼ਮਾ ਬੈਂਕ ਦੀ ਸਥਾਪਨਾ ਦਾ ਰਾਹ ਪੱਧਰਾ ਹੋਇਆ। ਕਰੋਨਾ ਤੋਂ ਸਿਹਤਯਾਬ ਹੋ ਚੁੱਕਿਆ ਕੋਈ ਵੀ ਮਰੀਜ਼ 28 ਦਿਨਾਂ ਬਾਅਦ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਹੀ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਦੱਸਿਆ ਕਿ ਰਜਿੰਦਰਾ ਹਸਤਾਲ ਵਿਚ ਕੋਵਿਡ ਦੇ ਮਰੀਜ਼ਾਂ ਲਈ 600 ਬਿਸਤਰਿਆਂ ਵਾਲੀ ਇਕਾਂਤਵਾਸ (ਆਈਸੋਲੇਸ਼ਨ) ਸਹੂਲੀਅਤ, ਜਿਸ ਵਿਚ ਹਰੇਕ ਬੈੱਡ ਨਾਲ 100 ਫੀਸਦੀ ਆਕਸਜੀਨ ਸਪਲਾਈ ਹੈ, ਤੋਂ ਇਲਾਵਾ ਗੰਭੀਰ ਰੂਪ ਵਿਚ ਬਿਮਾਰੀ ਮਰੀਜ਼ਾਂ ਲਈ 54 ਵੈਂਟੀਲੇਟਰ ਵੀ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਵੈਂਟੀਲੇਟਰਾਂ ਦੀ ਗਿਣਤੀ 100 ਤੱਕ ਪਹੁੰਚ ਜਾਵੇਗੀ।
ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋ ਪਲਾਜ਼ਮਾ ਮਸ਼ੀਨਾਂ ਨਾਲ ਲੈਸ ਪਲਾਜ਼ਮਾਂ ਬੈਂਕ ਵਿਖੇ ਛੇਤੀ ਹੀ ਤੀਜੀ ਮਸ਼ੀਨ ਲਿਆਂਦੀ ਜਾਵੇਗੀ ਤੇ ਐਂਟੀਬਾਡੀ ਟੈਸਟਿੰਗ ਲਈ ਟੈਸਟਿੰਗ ਕਿੱਟਾਂ ਦੀ ਕੋਈ ਘਾਟ ਨਹੀਂ। ਇਸ ਮੌਕੇ ਡਾ. ਰਮੇਸ਼ ਕੁਮਾਰ ਕੁੰਡਲ ਤੇ ਡਾ. ਕੰਵਲਜੀਤ ਕੌਰ ਮੌਜੂਦ ਸਨ।


Share