#PUNJAB

ਪਰਵਿੰਦਰ ਸਿੰਘ ਝੋਟਾ ਮਾਮਲਾ: ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਮੀਟਿੰਗ

ਮਾਨਸਾ, 23 ਅਕਤੂਬਰ (ਪੰਜਾਬ ਮੇਲ)-  ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਵਿਚਕਾਰ ਇਹ ਲਗਾਤਾਰ ਤੀਜੀ ਮੀਟਿੰਗ ਸੀ। ਇਸ ਤੋਂ ਪਹਿਲਾਂ ਹੋਈਆਂ ਦੋ ਮੀਟਿੰਗਾਂ ਵਿੱਚ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ ਸੀ।

ਅੱਜ ਹੋਈ ਤੀਜੀ ਮੀਟਿੰਗ ਦੌਰਾਨ ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਅੱਗੇ ਸਪੱਸ਼ਟ ਮੰਗ ਰੱਖੀ ਕਿ ਜਿਹੜੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਦਿੱਤਾ ਜਾਵੇ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਕਿਹੜੀਆਂ ਮੰਗਾਂ ਹਾਲੇ ਬਾਕੀ ਹਨ। ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਕਿ ਐਕਸ਼ਨ ਕਮੇਟੀ ਦੀਆਂ ਕਈ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਇਸ ਸਬੰਧੀ ਲਿਖਤੀ ਜਾਣਕਾਰੀ ਵੀ ਦੇ ਦਿੱਤੀ ਗਈ ਹੈ।

ਹਾਲਾਂਕਿ, ਇਸ ਮਾਮਲੇ ਵਿੱਚ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ ਹੈ। ਪ੍ਰਸ਼ਾਸਨ ਨੇ ਕਿਹਾ ਕਿ ਐਕਸ਼ਨ ਕਮੇਟੀ ਨਾਲ ਅਗਲੀ ਮੀਟਿੰਗ ਵੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਤੇ ਮਾਮਲੇ ਦੇ ਹੱਲ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ।ਹੁਣ ਸਭ ਦੀਆਂ ਨਜ਼ਰਾਂ ਅਗਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਦੇਖਣਾ ਹੋਵੇਗਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਦੀਆਂ ਬਾਕੀ ਮੰਗਾਂ ’ਤੇ ਪ੍ਰਸ਼ਾਸਨ ਕੀ ਫ਼ੈਸਲਾ ਲੈਂਦਾ ਹੈ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਅੱਗੇ ਕੀ ਰੁਖ਼ ਅਖਤਿਆਰ ਕੀਤਾ ਜਾਂਦਾ ਹੈ।