#PUNJAB

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

– ਪੰਜਾਬ ਵਿੱਚ ਪਿਛਲੇ ਦੋ ਦਿਨਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਆਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

– ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ

– ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਨਿਗਰਾਨੀ ਰੱਖਣ ਲਈ ਪੁਲਿਸ ਤੇ ਸਿਵਲ ਅਧਿਕਾਰੀਆਂ ਦੇ 1072 ਉਡਣ ਦਸਤੇ ਤਾਇਨਾਤ

ਚੰਡੀਗੜ੍ਹ, 20 ਨਵੰਬਰ (ਪੰਜਾਬ ਮੇਲ)- ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਸੂਬੇ ਵਿੱਚ ਐਤਵਾਰ ਅਤੇ ਪਰਾਲੀ ਸਾੜਨ ਦੇ ਕ੍ਰਮਵਾਰ 740 ਅਤੇ 637 ਮਾਮਲੇ ਦਰਜ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।
ਪੁਲਿਸ ਤੇ ਸਿਵਲ ਅਧਿਕਾਰੀਆਂ ਦੇ ਕਰੀਬ 1072 ਉਡਣ ਦਸਤੇ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਨਜ਼ਰ ਰੱਖ ਰਹੇ ਹਨ, ਜਦਕਿ ਜ਼ਿਲ੍ਹਾ ਪੱਧਰ ‘ਤੇ ਸੀਪੀਜ਼/ਐਸਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰ ‘ਤੇ ਡੀਐਸਪੀਜ਼ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਸਬੰਧੀ 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2189 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 8 ਨਵੰਬਰ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਵੱਲੋਂ 932 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਦਕਿ 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀਜ਼ ਵੀ ਕੀਤੀਆਂ ਗਈਆਂ ਹਨ।