ਨਵੀਂ ਦਿੱਲੀ, 15 ਦਸੰਬਰ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (NIA) ਸੋਮਵਾਰ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰੇਗੀ। ਪਾਕਿਸਤਾਨ ਅਧਾਰਿਤ ਦਹਿਸ਼ਤਗਰਦਾਂ ਵੱਲੋੋਂ ਕੀਤੇ ਇਸ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਬਹੁਤੇ ਸੈਲਾਨੀ ਸਨ।
ਐੱਨਆਈਏ ਦੀ ਜਾਂਚ ਵਿੱਚ 22 ਅਪਰੈਲ ਨੂੰ ਹੋਏ ਦਹਿਸ਼ਤੀ ਹਮਲੇ ਵਿੱਚ ਤਿੰਨ ਦਹਿਸ਼ਤਗਰਦਾਂ ਦੀ ਸਿੱਧੀ ਸ਼ਮੂਲੀਅਤ ਪਾਈ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਅਤਿਵਾਦ ਵਿਰੋਧੀ ਜਾਂਚ ਏਜੰਸੀ ਸੋਮਵਾਰ ਨੂੰ ਜੰਮੂ ਵਿੱਚ ਵਿਸ਼ੇਸ਼ ਐੱਨਆਈਏ ਕੋਰਟ ਵਿਚ ਚਾਰਜਸ਼ੀਟ ਦਾਖ਼ਲ ਕਰੇਗੀ। ਐਨਆਈਏ ਨੇ ਜੂਨ ਵਿਚ ਪਾਕਿਸਤਾਨ ਅਧਾਰਿਤ ਤਿੰਨ ਅਤਿਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਤਿੰਨ ਦਹਿਸ਼ਤਗਰਦਾਂ ਨੂੰ ਹਾਲਾਂਕਿ ਹਥਿਆਰਬੰਦ ਬਲਾਂ ਨੇ ਜੁਲਾਈ ਵਿੱਚ ਇਕ ਮੁਕਾਬਲੇ ਦੌਰਾਨ ਮਾਰ ਮੁਕਾਇਆ ਸੀ।

