#PUNJAB

ਪਾਕਿਸਤਾਨ ਵੱਲੋਂ ਗੁਰਧਾਮਾਂ ਦੇ ਦਰਸ਼ਨਾਂ ਲਈ 2800 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਮੇਲ)- ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 2800 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜੱਥਾ 10 ਅਪ੍ਰੈਲ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ। 10 ਅਪ੍ਰੈਲ ਨੂੰ ਪਾਕਿਸਤਾਨ ਜਾਣ ਵਾਲਾ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਪਰਤੇਗਾ। ਸਕੱਤਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਣਗੇ। ਪਾਕਿਸਤਾਨ ਵੱਲੋਂ ਲਗਪਗ 2800 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਹਰਿਆਣਾ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਦੇ ਸ਼ਰਧਾਲੂ ਸ਼ਾਮਲ ਹਨ। ਖਾਲਸਾ ਸਾਜਨਾ ਦਿਵਸ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ 3000 ਤੋਂ ਵੱਧ ਸ਼ਰਧਾਲੂ ਗੁਰੂਧਾਮਾਂ ਦੇ ਦਰਸ਼ਨ ਲਈ ਪਾਕਿਸਤਾਨ ਜਾਂਦੇ ਹਨ।