#OTHERS

ਪਾਕਿਸਤਾਨ ਵੱਲੋਂ 8 ਲੱਖ ਤੋਂ ਵੱਧ ਅਫਗਾਨੀਆਂ ਨੂੰ ਦੇਸ਼ ਨਿਕਾਲਾ

ਪੇਸ਼ਾਵਰ, 21 ਮਾਰਚ (ਪੰਜਾਬ ਮੇਲ)- ਪਾਕਿਸਤਾਨ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਅਫਗਾਨ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਜਾਰੀ ਹੈ ਅਤੇ 20 ਮਾਰਚ ਤੱਕ 8 ਲੱਖ ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾ ਚੁੱਕਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ 31 ਮਾਰਚ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਹੈ, ਜਿਸ ਤੱਕ ਗੈਰ-ਕਾਨੂੰਨੀ ਨਿਵਾਸੀਆਂ ਅਤੇ ਅਫਗਾਨ ਨਾਗਰਿਕ ਕਾਰਡ ਧਾਰਕਾਂ ਨੂੰ ਦੇਸ਼ ਛੱਡਣਾ ਪਵੇਗਾ। ਇਸ ਤਹਿਤ ਹੁਣ ਤੱਕ 8,74,282 ਅਫਗਾਨੀਆਂ ਨੂੰ ਪਾਕਿਸਤਾਨ ਤੋਂ ਵਾਪਸ ਭੇਜਿਆ ਜਾ ਚੁੱਕਾ ਹੈ।
ਸਰਕਾਰ ਨੇ ਇਹ ਕਦਮ ਅੱਤਵਾਦ ਨਾਲ ਸਬੰਧਤ ਚਿੰਤਾਵਾਂ ਕਾਰਨ ਚੁੱਕਿਆ ਹੈ। ਅਧਿਕਾਰੀ ਨੇ ਭਰੋਸਾ ਦਿੱਤਾ ਕਿ ਇਸ ਪ੍ਰਕਿਰਿਆ ਦੌਰਾਨ ਕਿਸੇ ਨਾਲ ਵੀ ਦੁਰਵਿਵਹਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਫਗਾਨਿਸਤਾਨ ਵਾਪਸ ਆਉਣ ਵਾਲੇ ਲੋਕਾਂ ਲਈ ਭੋਜਨ ਅਤੇ ਸਿਹਤ ਸਹੂਲਤਾਂ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਅਧਿਕਾਰੀ ਨੇ ਕਿਹਾ ਕਿ ਨਿਰਧਾਰਤ ਸਮਾਂ ਸੀਮਾ ਤੋਂ ਬਾਅਦ ਪਾਕਿਸਤਾਨ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਨੇ ਵੀਰਵਾਰ ਨੂੰ ਪਾਕਿਸਤਾਨ ਸਮੇਤ ਦੁਨੀਆਂ ਦੇ ਹੋਰ ਦੇਸ਼ਾਂ ਤੋਂ ਅਫਗਾਨ ਸ਼ਰਨਾਰਥੀਆਂ ਨੂੰ ਹੌਲੀ-ਹੌਲੀ ਵਾਪਸ ਭੇਜਣ ਦੀ ਮੰਗ ਕੀਤੀ।